Punjab

VC ਤੋਂ ਬਿਨਾਂ ਚੱਲ ਰਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ! ਵਿਰੋਧੀ ਧਿਰ ਨੇ ਘੇਰੀ ਮਾਨ ਸਰਕਾਰ

ਬਿਉਰੋ ਰਿਪੋਰਟ: ਪੰਜਾਬ ਦੀ ਪ੍ਰਮੁੱਖ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਆਪਣੇ 55 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਾਈਸ ਚਾਂਸਲਰ (VC) ਦੇ ਅਹੁਦੇ ਤੋਂ ਬਿਨਾਂ ਚੱਲ ਰਹੀ ਹੈ। ਵਿਰੋਧੀ ਧਿਰ ਨੇ ਇਸ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇਸ ਮੁੱਦੇ ’ਤੇ ਸਖ਼ਤ ਸਟੈਂਡ ਲੈਂਦਿਆਂ ਆਮ ਆਦਮੀ ਪਾਰਟੀ (ਆਪ) ਦੀ ਮਾਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਔਜਲਾ ਨੇ ਕਿਹਾ ਹੈ ਕਿ ਇਹ ਮੰਦਭਾਗਾ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਅਜਿਹੀ ਸਥਿਤੀ ਪੈਦਾ ਹੋ ਗਈ ਹੈ। ਇਹ ਪਹਿਲੀ ਵਾਰ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਿਨਾਂ ਵਾਈਸ ਚਾਂਸਲਰ ਤੋਂ ਚੱਲ ਰਹੀ ਹੈ ਅਤੇ ਅਜਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਹੀ ਸੰਭਵ ਹੋ ਸਕਦਾ ਹੈ।

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੂਬਾ ਸਰਕਾਰ ਦੀ ਬੇਰੁਖ਼ੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਹਕੀਕਤ ਇਸ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਹੈ ਕਿ ਸਰਕਾਰ ਨੇ ਅਜਿਹੇ ਅਹਿਮ ਫੈਸਲਿਆਂ ਵਿੱਚ ਦੇਰੀ ਕੀਤੀ ਹੈ ਜੋ ਪਹਿਲ ਦੇ ਆਧਾਰ ’ਤੇ ਲਏ ਜਾਣੇ ਚਾਹੀਦੇ ਸਨ।

ਦਰਅਸਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦਾ ਕਾਰਜਕਾਲ 16 ਨਵੰਬਰ 2024 ਨੂੰ ਖ਼ਤਮ ਹੋ ਗਿਆ ਸੀ। ਡਾਕਟਰ ਸੰਧੂ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਕਾਰਜਕਾਲ 2020 ਵਿੱਚ ਤਿੰਨ ਸਾਲ ਲਈ ਵਧਾਇਆ ਗਿਆ ਸੀ।

ਛੇ ਮਹੀਨੇ ਪਹਿਲਾਂ ਤਤਕਾਲੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਛੇ ਮਹੀਨੇ ਦਾ ਵਾਧੂ ਕਾਰਜਕਾਲ ਦਿੱਤਾ ਸੀ। ਡਾ. ਸੰਧੂ ਦਾ ਕਾਰਜਕਾਲ ਖਤਮ ਹੋਏ ਪੰਜ ਦਿਨ ਬੀਤ ਚੁੱਕੇ ਹਨ ਪਰ ਸਰਕਾਰ ਨੇ ਅਜੇ ਤੱਕ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਨਹੀਂ ਕੀਤੀ ਹੈ। ਯੂਨੀਵਰਸਿਟੀ ਦੀ ਇਹ ਅਹਿਮ ਅਸਾਮੀ ਖਾਲੀ ਰਹਿਣ ਕਾਰਨ ਪ੍ਰਸ਼ਾਸਨਿਕ ਅਤੇ ਅਕਾਦਮਿਕ ਕੰਮਾਂ ਵਿੱਚ ਰੁਕਾਵਟ ਆ ਸਕਦੀ ਹੈ।