ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਨਾਂਦੇੜ ਸਾਹਿਬ ਦੇ ਗੈਰਸਿੱਖ ਕਲੈਕਟਰ ਨੂੰ ਤਖ਼ਤ ਹਜ਼ੂਰ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਲਾਉਣ ਦਾ ਵਿਰੋਧ ਕੀਤਾ ਹੈ ਤੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿਰਫ ਗੁਰਸਿੱਖ ਹੀ ਗੁਰਧਾਮਾਂ ਦਾ ਪ੍ਰਬੰਧਕ ਲੱਗ ਸਕਦਾ ਹੈ ਤੇ ਇਸ ਮੁਤਾਬਕ ਫੈਸਲੇ ਵਿਚ ਸੋਧ ਕੀਤੀ ਜਾਵੇ।
ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਕਿਵੇਂ ਮਹਾਰਾਸ਼ਟਰ ਸਰਕਾਰ ਨੇ ਗੈਰਸਿੱਖ ਨੂੰ ਤਖਤ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਗੁਰਧਾਮਾਂ ਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਦੀ ਮਰਿਆਦਾ ਬਾਰੇ ਸਿਰਫ ਗੁਰਸਿੱਖ ਹੀ ਜਾਣਕਾਰੀ ਰੱਖਦਾ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਮਹਾਰਾਸ਼ਟਰ ਸਰਕਾਰ ਨੂੰ ਤਾੜਨਾ ਕਰੇ ਕਿ ਇਸ ਤਰੀਕੇ ਗੈਰ ਸਿੱਖਾਂ ਦੀ ਨਿਯੁਕਤੀ ਪ੍ਰਬੰਧਕ ਵਜੋਂ ਕਰ ਕੇ ਉਹ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਤੋਂ ਗੁਰੇਜ਼ ਕਰੇ ਤੇ ਸਿੱਖ ਮਾਮਲਿਆਂ ਨਾਲ ਸਬੰਧਤ ਫੈਸਲੇ ਲੈਣ ਤੋਂ ਪਹਿਲਾਂ ਸਿੱਖ ਭਾਈਚਾਰੇ ਖਾਸ ਤੌਰ ’ਤੇ ਸਿੱਖਾਂ ਦੀਆਂ ਪ੍ਰਤੀਨਿਧਤ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰ ਲਿਆ ਕਰੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦੇ ਪ੍ਰਬੰਧਕ ਵਜੋਂ ਇਕ ਗੈਰ-ਸਿੱਖ ਦੀ ਨਿਯੁਕਤੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਆਪਣਾ ਇਹ ਵਿਰੋਧ ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਦਰਜ ਕਰਵਾਇਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੇ ਨਾਲ ਹੀ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀ ਚੋਣ ਕਰਵਾਉਣ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿਚ ਪੂਰਾ ਹੋ ਚੁੱਕਾ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਤੇ ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਚ ਪ੍ਰਸ਼ਾਸਕ ਵਜੋਂ ਕਿਸੇ ਸਿੱਖ ਆਈਏਐਸ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਇਸ ਪੱਤਰ ਵਿੱਚ ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਾਂਦੇੜ ਦੇ ਕੁਲੈਕਟਰ ਨੂੰ ਗੁਰਦੁਆਰਾ ਪ੍ਰਬੰਧ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮਹਾਰਾਸ਼ਟਰ ਪੁਲੀਸ ਦੇ ਡਾਇਰੈਕਟਰ ਜਨਰਲ ਡਾ. ਪੀ ਐਸ ਪਸਰੀਚਾ ਇਸ ਅਹੁਦੇ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।