ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫ਼ਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਅੱਜ ਵੀ ਮੀਂਹ ਦਾ ਔਰੇਂਜ ਅਲਰਟ ਜਾਰੀ ਹੈ।
ਸੋਮਵਾਰ ਰਾਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫ਼ੋਨ ਰਾਹੀਂ ਗੱਲਬਾਤ ਕੀਤੀ ਅਤੇ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇੱਥੇ ਹੀ, ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੇਂਦਰ ਅਤੇ ਰਾਜ ਸਰਕਾਰ ਤੋਂ ਅਪੀਲ ਕੀਤੀ ਕਿ ਰਾਹਤ ਅਤੇ ਬਚਾਅ ਦਾ ਕੰਮ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹਨੀ ਵੱਡੀ ਤਬਾਹੀ ਦੇ ਮੱਦੇਨਜ਼ਰ ਸਰਕਾਰ ਨੂੰ ਮਿਸ਼ਨ ਮੋਡ ਵਿੱਚ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਕਿਸਾਨਾਂ, ਮਜ਼ਦੂਰਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਤੁਰੰਤ ਮਦਦ ਮਿਲ ਸਕੇ।
ਗੰਭੀਰ ਹਾਲਾਤ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀਡੀਓ ਕਾਨਫਰੰਸ ਰਾਹੀਂ ਉੱਚ-ਸਤ੍ਹਰੀ ਮੀਟਿੰਗ ਬੁਲਾ ਲਈ ਹੈ। ਇਸ ਵਿੱਚ ਹੜ੍ਹ ਪ੍ਰਬੰਧਨ ਨੂੰ ਲੈ ਕੇ ਫ਼ੈਸਲੇ ਲਏ ਜਾਣਗੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣਾ ਪੂਰੇ ਸਾਲ ਦੀ ਤਨਖ਼ਾਹ ਹੜ੍ਹ ਪੀੜਤਾਂ ਲਈ ਦਾਨ ਕਰ ਦਿੱਤੀ ਹੈ।