‘ਦ ਖ਼ਾਲਸ ਬਿਊਰੋ :- ਸੰਯੁਕਤ ਕਿਸਾਨ ਮੋਰਚਾ ਅਤੇ ਹੋਰ ਕਈ ਜਥੇਬੰਦੀਆਂ ਨੇ ਨਿੱਜੀਕਰਨ ਅਤੇ ਕਾਰਪੋਰੇਟ-ਵਿਰੋਧੀ ਦਿਵਸ ‘ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਮ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਡੀਜ਼ਲ, ਪੈਟਰੋਲ, ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ‘ਤੇ ਕੰਟਰੋਲ ਕਰਨ, ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ।
ਪੱਤਰ ਵਿੱਚ ਕੀ ਲਿਖਿਆ ਹੈ ?
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅਸੀਂ ਭਾਰਤ ਦੇ ਲੋਕ, ਆਪਣੇ ਜ਼ਿਲ੍ਹੇ, ਤਹਿਸੀਲ, ਹੈੱਡਕੁਆਰਟਰਾਂ ‘ਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵੱਧਦੀਆਂ ਕੀਮਤਾਂ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਾਂ। ਇਸਦੇ ਨਾਲ ਹੀ 3 ਕਿਸਾਨ ਵਿਰੋਧੀ ਕੇਂਦਰੀ ਕਾਨੂੰਨਾਂ ਨੂੰ ਰੱਦ ਅਤੇ ਫਸਲਾਂ ਦੀ ਐੱਮਐੱਸਪੀ ਦੀ ਗਰੰਟੀ ਲਈ ਮੰਗ ਕਰਦੇ ਹਾਂ। ਐੱਮਐੱਸਪੀ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਾਂ। ਅਸੀਂ ਮੰਗ ਕਰਦੇ ਹਾਂ ਕਿ ਜਨਤਕ ਖੇਤਰ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਭਾਰਤੀ ਖੇਤੀਬਾੜੀ ਦੇ ਕਾਰਪੋਰੇਟਾਈਜ਼ੇਸ਼ਨ ਨੂੰ ਰੋਕਣ ਲਈ ਨੀਤੀ ਜਾਰੀ ਕੀਤੀ ਜਾਵੇ ਅਤੇ ਡੀਜ਼ਲ, ਪੈਟਰੋਲ, ਐੱਲ.ਪੀ.ਜੀ ਦੀਆਂ ਕੀਮਤਾਂ ਨੂੰ ਤੁਰੰਤ ਘਟਾਇਆ ਜਾਵੇ।