The Khalas Tv Blog India ਪੰਜਾਬ ‘ਚ ਗੈਰ-ਕਾਨੂੰਨੀ ਝੋਨਾ ਲਿਆਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ…
India Punjab

ਪੰਜਾਬ ‘ਚ ਗੈਰ-ਕਾਨੂੰਨੀ ਝੋਨਾ ਲਿਆਉਣ ਵਾਲਿਆਂ ਦੀ ਹੁਣ ਖ਼ੈਰ ਨਹੀਂ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜ਼ਿਲਾ ਪੁਲਿਸ ਮੁਖੀਆਂ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਆਉਂਦੇ ਗੈਰ-ਕਾਨੂੰਨੀ ਚੌਲ/ਝੋਨੇ ਨੂੰ ਰੋਕਣ ਲਈ ਸਖਤੀ ਨਾਲ ਨਾਕਾਬੰਦੀ ਕਰਨ ਦੇ ਆਦੇਸ਼ ਦਿੱਤੇ ਹਨ। ਦੂਜੇ ਸੂਬਿਆਂ ਨਾਲ ਲੱਗਦੇ 11 ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਚੌਕਸੀ ਰਹਿਣ ਦੀਆਂ ਖਾਸ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕਰਨ ਦੀ ਹਦਾਇਤ ਕੀਤੀ ਹੈ।

ਰੰਧਾਵਾ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਪੱਤਰ ਜਾਰੀ ਕਰਕੇ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਹਨ। ਰੰਧਾਵਾ ਨੇ ਸਾਰੇ ਐੱਸ.ਐੱਸ.ਪੀਜ਼ ਨੂੰ ਚੌਕਸ ਕਰਦਿਆਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐੱਸ.ਏ.ਐੱਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਸਤੇ ਕੋਈ ਵੀ ਵਾਹਨ ਅਜਿਹੀ ਗੈਰ-ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।

ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਚੌਲ/ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ-ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇਗੀ।

Exit mobile version