Punjab

ਮੁੱਖ ਮੰਤਰੀ ਮਾਨ ਦੀ ਕਿਸਾਨਾਂ ਨੂੰ ਪਾਣੀ ਸੰਜਮ ਨਾਲ ਵਰਤਣ ਦੀ ਨਸੀਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕੱਲ੍ਹ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਦੀ ਵਰਤੋਂ ਨੂੰ ਸੰਜਮ ਨਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਪਾਣੀ ਦਾ ਡਿੱਗਦਾ ਪੱਧਰ ਭਵਿੱਖ ਲਈ ਵੱਡਾ ਖ਼ਤਰਾ ਹੈ। ਇਸ ਲਈ ਸੁਚੇਤ ਹੋ ਕੇ ਪਾਣੀ ਤੇ ਧਰਤੀ ਨੂੰ ਬਚਾਈਏ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਝੋਨੇ ਦੀ ਲਵਾਈ ਲਈ ਅੱਠ ਘੰਟਿਆਂ ਦੀ ਨਿਰਵਿਘਨ ਬਿਜਲੀ ਸਪਲਾਈ ਦਾ ਇੰਤਜ਼ਾਮ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਚਾਰ ਤੋਂ ਘਟਾ ਕੇ ਦੋ ਕਰ ਦਿੱਤੀ ਸੀ। ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਦਿੱਤੀ ਗਈ ਸੀ। 

ਕੌਮਾਂਤਰੀ ਸਰਹੱਦ ਨਾਲ ਲੱਗਦੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਸੀ। 14 ਜੂਨ ਤੋਂ ਦੂਜੇ ਪੜਾਅ ਤਹਿਤ 10 ਜ਼ਿਲ੍ਹੇ – ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ.ਨਗਰ, ਕਪੂਰਥਲਾ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਰੂਪਨਗਰ, ਐਸ.ਏ.ਐਸ.ਨਗਰ ਵਿੱਚ ਝੋਨੇ ਦੀ ਲੁਆਈ ਕੀਤੀ ਜਾਵੇਗੀ। ਬਾਕੀ ਦੇ 13 ਜ਼ਿਲ੍ਹਿਆਂ ਬਠਿੰਡਾ, ਬਰਨਾਲਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਿਰੋਜਪੁਰ, ਮਾਨਸਾ, ਮੋਗਾ, ਫਾਜ਼ਿਲਕਾ ਵਿੱਚ 17 ਜੂਨ ਤੋਂ ਝੋਨੇ ਦੀ ਲੁਆਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

ਹਾਲਾਂਕਿ, ਪੰਜਾਬ ਸਰਕਾਰ ਨੇ ਪਹਿਲਾਂ ਝੋਨੇ ਦੀ ਲਵਾਈ ਦਾ ਸਮਾਂ 18 ਜੂਨ ਤੈਅ ਕੀਤਾ ਸੀ, ਜਿਸਨੂੰ ਲੈ ਕੇ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਈਆਂ ਸਨ। ਧਰਤੀ ਹੇਠਲੇ ਪਾਣੀ ਅਤੇ ਬਿਜਲੀ ਦੇ ਸੰਕਟ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਝੋਨੇ ਦੀ ਲੁਆਈ 18 ਜੂਨ ਤੋਂ ਕਰਨ ਦੇ ਨਿਰਦੇਸ਼ ਦਿੱਤੇ ਸਨ, ਪਰ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਸਨ ਕਿ ਝੋਨੇ ਦੀ ਲੁਆਈ ਪਹਿਲਾਂ ਹੋਵੇ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਝੋਨਾ ਪੱਕਣ ਵਿੱਚ 125 ਦਿਨ ਲੱਗ ਜਾਂਦੇ ਹਨ। ਜੇਕਰ ਕਿਸਾਨ 18 ਜੂਨ ਤੋਂ ਝੋਨਾ ਬੀਜਦਾ ਹੈ ਤਾਂ ਫ਼ਸਲ ਪੱਕਣ ਤੋਂ ਪਹਿਲਾਂ ਹੀ ਠੰਢ ਸ਼ੁਰੂ ਹੋ ਜਾਂਦੀ ਹੈ, ਜਿਸ ਕਾਰਨ ਫ਼ਸਲ ਸੁੱਕਦੀ ਨਹੀਂ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਨੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ 10 ਜੂਨ ਤੋਂ 17 ਜੂਨ ਤੱਕ ਪੜਾਅਵਾਰ ਢੰਗ ਨਾਲ 8 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਹੋਇਆ ਹੈ।