‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਵਿੱਚ ਪਾਕਿਸਤਾਨ ਦੇ ਸਿੱਖ ਭਾਈਚਾਰੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੇ ਸਬੰਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖਾਂ ਵੱਲੋਂ ਹੱਥਾਂ ਵਿੱਚ ਪੋਸਟਰ ਫੜ੍ਹ ਕੇ ਨਾਅਰੇਬਾਜ਼ੀ ਕੀਤੀ ਗਈ।

ਪੰਜਾਬੀ ਸਿੱਖ ਸੰਗਤ ਸੰਸਥਾ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਦੀ ਅਗਵਾਈ ਹੇਠ ਸਿੱਖਾਂ ਨੇ ਰੋਸ ਪ੍ਰਦਰਸ਼ਨ ਕੀਤਾ। ਪੋਸਟਰਾਂ ਵਿੱਚ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਜੂਨ 1984 ਦਾ ਘੱਲੂਘਾਰਾ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਭੁੱਲਣਾ ਚਾਹੀਦਾ ਹੈ। ਇਸ ਪ੍ਰਦਰਸ਼ਨ ਵਿੱਚ ਬੱਚੇ ਵੀ ਸ਼ਾਮਿਲ ਹੋਏ।

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮਨਾਈ ਗਈ। ਅੱਜ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸਿੱਖ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਨ੍ਹਾਂ ਸਮਾਗਮਾਂ ਵਿੱਚ ਹਾਜ਼ਰੀ ਭਰੀ।

ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਰਾਗੀ ਸਿੰਘਾਂ ਨੇ ਵੈਰਾਗਮਈ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਲੀਡਰ, ਧਾਰਮਿਕ ਸੰਪਰਦਾਵਾਂ, ਜਥੇਬੰਦੀਆਂ ਦੇ ਮੁਖੀ, ਸ਼ਹੀਦ ਪਰਿਵਾਰਾਂ ਦੇ ਮੈਂਬਰ ਸ਼ਾਮਿਲ ਹੋਏ।