The Khalas Tv Blog India ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ – ਪ੍ਰਧਾਨ ਰਮੇਸ਼ ਸਿੰਘ ਅਰੋੜਾ
India International Religion

ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਬਿਆਨ ਜਾਰੀ ਨਹੀਂ ਕੀਤਾ ਗਿਆ – ਪ੍ਰਧਾਨ ਰਮੇਸ਼ ਸਿੰਘ ਅਰੋੜਾ

ਬਿਊਰੋ ਰਿਪੋਰਟ (ਅੰਮ੍ਰਿਤਸਰ, 11 ਅਕਤੂਬਰ 2025): ਲਹਿੰਦੇ ਪੰਜਾਬ ਤੋਂ ਘੱਟ ਗਿਣਤੀਆਂ ਬਾਰੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ ਨੇ ਅੱਜ ‘ਅਜੀਤ’ ਨਾਲ ਗੱਲਬਾਤ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਉਨ੍ਹਾਂ ਵਲੋਂ ਨਾਨਕਸ਼ਾਹੀ ਕੈਲੰਡਰ ਸਬੰਧੀ ਕੋਈ ਵੀ ਇਹੋ-ਜਿਹੀ ਭਾਰਤੀ ਸਿੱਖ ਸੰਗਤਾਂ ਸਬੰਧੀ ਕੋਈ ਵੀ ਸਟੇਟਮੈਂਟ ਜਾਂ ਬਿਆਨ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਦਾਅਵਾ ਕੀਤਾ ਹੈ ਕਿ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਕੱਤਰ ਹੋ ਕੇ ਪਾਕਿਸਤਾਨ ਆਉਣ ਵਾਲੀਆਂ ਸਿੱਖ ਸੰਗਤਾਂ ਦੇ ਮਨਾਂ ਵਿੱਚ ਭਾਰਤ ਅੰਦਰ ਕੁਝ ਪੱਤਰਕਾਰਾਂ ਵਲੋਂ ਤੇਜ਼ੀ ਨਾਲ ਡਰ ਫੈਲਾਇਆ ਜਾ ਰਿਹਾ ਹੈ I

ਉਨ੍ਹਾਂ ਕਿਹਾ ਕਿ ਭਾਰਤੀ ਕੁਝ ਕੁ ਪੱਤਰਕਾਰਾਂ ਵਲੋਂ ਸਿੱਖ ਸੰਗਤਾਂ ਦੇ ਮਨਾਂ ਵਿਚ ਡਰ ਪਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਹਿ ਰਹੀ ਹੈ ਕਿ ਮੂਲ ਨਾਨਕਸ਼ਾਹੀ ਕੈਲੰਡਰ ਦੇ ਮੁਤਾਬਕ ਹੀ ਭਾਰਤੀ ਸਿੱਖ ਸ਼ਰਧਾਲੂ ਵੀਜ਼ੇ ਲੈ ਕੇ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਆਉਣ। ਉਨ੍ਹਾਂ ਕਿਹਾ ਕਿ ਸਿਰਫ਼ ਤੇ ਸਿਰਫ਼ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੋ ਕਿ 16 ਜੂਨ ਨੂੰ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਮਨਾਇਆ ਜਾਂਦਾ ਹੈ, ਉਸ ਸਬੰਧੀ ਕੁਝ ਮਸਲਾ ਸੀ। ਉਹ ਵੀ ਆਉਣ ਵਾਲੇ ਦਿਨਾਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨਾਲ ਵਿਚਾਰ ਕਰਕੇ ਹੱਲ ਕਰ ਲਿਆ ਜਾਵੇਗਾ I

ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਦੇ ਦਿਨ-ਤਿਉਹਾਰ ਜੋ ਮਨਾਈ ਜਾਂਦੇ ਹਨ, ਉਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛਤਰ-ਛਾਇਆ ਹੇਠ ਹੀ ਪਾਕਿਸਤਾਨ ਨੂੰ ਸਿੱਖ ਸੰਗਤਾਂ ਵਲੋਂ ਮਨਾਏ ਜਾਂਦੇ ਹਨI

Exit mobile version