ਬਿਊਰੋ ਰਿਪੋਰਟ (ਚੰਡੀਗੜ੍ਹ, 20 ਅਕਤੂਬਰ 2025): ਪਾਕਿਸਤਾਨ ਦੀ ਖੁਫ਼ੀਆ ਏਜੰਸੀ ISI ਲਈ ਕੰਮ ਕਰ ਰਹੇ ਬਦਮਾਸ਼ ਹਰਵਿੰਦਰ ਸਿੰਘ ਰਿੰਦਾ ਨੇ ਪੰਜਾਬ ਦੇ ਐਕਸਾਈਜ਼ ਵਿਭਾਗ ਦੇ ਮੁਲਾਜ਼ਮਾਂ ਅਤੇ ਸ਼ਰਾਬ ਦੇ ਠੇਕੇਦਾਰਾਂ ਨੂੰ ਸਿੱਧੀ ਧਮਕੀ ਦਿੱਤੀ ਹੈ। ਰਿੰਦਾ ਨੇ ਚੇਤਾਵਨੀ ਦਿੱਤੀ ਹੈ ਕਿ ਉਹ ਆਪਣਾ ਬਚਾਅ ਕਰ ਲੈਣ, ਕਿਉਂਕਿ ਕਿਸੇ ਨੂੰ ਵੀ ਬਾਰੂਦ ਨਾਲ ਉਡਾਇਆ ਜਾ ਸਕਦਾ ਹੈ। ਇਸ ਸਬੰਧੀ ਇੱਕ ਕਥਿਤ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ’ਦ ਖ਼ਾਲਸ ਟੀਵੀ ਇਸ ਵਾਇਰਲ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।
ਕਰੀਬ 4.35 ਮਿੰਟ ਦੀ ਇਸ ਆਡੀਓ ਕਲਿੱਪ ਵਿੱਚ, ਰਿੰਦਾ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਹੋਈ ਹਿੰਸਾ ਅਤੇ ਸ਼ਰਾਬ ਦੇ ਠੇਕਿਆਂ ’ਤੇ ਹੋਏ ਹਮਲਿਆਂ ਦਾ ਹਵਾਲਾ ਦਿੰਦਿਆਂ ਸਿੱਧੀ ਚੇਤਾਵਨੀ ਦਿੱਤੀ ਹੈ। ਉਸ ਨੇ ਪਹਿਲਾਂ ਦਿੱਤੀਆਂ ਗਈਆਂ ਚੇਤਾਵਨੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਤੋਂ ਅਗਲੀ ਕਾਰਵਾਈ ਹੋਰ ਵੱਡੀ ਹੋਵੇਗੀ।
ਇਸ ਬਿਆਨ ਨੇ ਸੁਰੱਖਿਆ ਏਜੰਸੀਆਂ ਲਈ ਚਿੰਤਾ ਪੈਦਾ ਕਰ ਦਿੱਤੀ ਹੈ, ਕਿਉਂਕਿ ਇਸ ਵਿੱਚ ਠੇਕੇਦਾਰਾਂ, ਠੇਕਿਆਂ ’ਤੇ ਕੰਮ ਕਰਦੇ ਕਰਮਚਾਰੀਆਂ ਅਤੇ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ ਨੂੰ ਸਿੱਧੇ ਤੌਰ ’ਤੇ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਰਿਕਾਰਡਿੰਗ ਦੇ ਵਾਇਰਲ ਹੋਣ ਤੋਂ ਬਾਅਦ ਵਿਭਾਗ ਅਤੇ ਠੇਕੇਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ।