‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨੀ ਨਾਗਰਿਕਾਂ ਦੀ ਐਂਟਰੀ ਬੈਨ ਕਰ ਦਿੱਤੀ ਗਈ ਹੈ। ਇਹ ਰੋਕ ਭਾਰਤੀ ਲੋਕਾਂ ਦੇ ਪਾਕਿਸਤਾਨ ਵਿੱਚ ਰੁਕਣ ਤੱਕ ਜਾਰੀ ਰਹੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਵਿਸਾਖੀ ਮੌਕੇ ਗੁਰਦੁਆਰਾ ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਆਉਣ ਤੋਂ ਗੁਰੇਜ਼ ਕੀਤਾ ਜਾਵੇ।
ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਦੇ ਵੱਧਦੇ ਮਾਮਲਿਆਂ ਕਾਰਨ ਪਾਕਿਸਤਾਨੀ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵਿਸਾਖੀ ਘਰ ਵਿੱਚ ਰਹਿ ਕੇ ਹੀ ਮਨਾਉਣ ਅਤੇ ਗੁਰਦੁਆਰਾ ਪੰਜਾ ਸਾਹਿਬ, ਹਸਨ ਅਬਦਲ ਨਾ ਆਉਣ ਤਾਂ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕੋਈ ਔਂਕੜ ਨਾ ਆਵੇ।
ਸਤਵੰਤ ਸਿੰਘ ਨੇ ਦੱਸਿਆ ਕਿ ਪੀਐੱਸਜੀਪੀਸੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਵੀ ਸਿਫਾਰਸ਼ ਕੀਤੀ ਹੈ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਭਾਰਤੀ ਸ਼ਰਧਾਲੂਆਂ ਦੇ ਠਹਿਰਨ ਦੌਰਾਨ ਸਥਾਨਕ ਸਿੱਖ ਸੰਗਤ ਨੂੰ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਵਿਸਾਖੀ ਦੇ ਮੌਕੇ 12 ਅਪ੍ਰੈਲ ਤੋਂ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਜਾ ਰਿਹਾ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਯਾਤਰਾ ਦੌਰਾਨ ਉਨ੍ਹਾਂ ਨੂੰ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਨਨਕਾਣਾ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਹੈ। ਪਾਕਿਸਤਾਨ ਆਉਣ ਵਾਲੇ ਸ਼ਰਧਾਲੂਆਂ ਦੇ ਕੋਵਿਡ-19 ਟੈਸਟ ਪਾਕਿਸਤਾਨ ਪਹੁੰਚਣ ਤੋਂ 48 ਘੰਟੇ ਪਹਿਲਾਂ ਕੀਤੇ ਜਾਣੇ ਜ਼ਰੂਰੀ ਹਨ। ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਕੋਵਿਡ-19 ਨਿਯਮਾਂ ਦੀ ਪਾਲਣਾ ਕੀਤੀ ਜਾਵੇ।”
ਸ਼੍ਰੋਮਣੀ ਕਮੇਟੀ ਨੇ ਦਿੱਤੀ ਪ੍ਰਤੀਕਿਰਿਆ
ਪਾਕਿਸਤਾਨੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਏ ਗਏ ਇਸ ਫੈਸਲੇ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਨੇ ਕਿਹਾ ਕਿ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਣਾ ਗਲਤ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੇ ਫੈਸਲੇ ਉੱਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਡੀਐੱਸਜੀਐੱਮਸੀ ਦੇ ਮੁਖੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਫੈਸਲਾ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ ਕਿਉਂਕਿ ਕਿਸੇ ਨੂੰ ਵੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਤੋਂ ਰੋਕਿਆ ਨਹੀਂ ਜਾ ਸਕਦਾ।