ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਨਾ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਸਨ। ਇਨ੍ਹਾਂ ਵਿੱਚੋਂ 801 ਨੂੰ ਵੀਜ਼ਾ ਨਹੀਂ ਦਿੱਤਾ ਗਿਆ।
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਪੰਜਾਬ ਦੇ ਕੋਟੇ ਮੁਤਾਬਕ ਜਥੇ ਨੂੰ ਪਾਸਪੋਰਟ ਭੇਜਦੀ ਰਹੀ ਹੈ ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ ਵੀਜ਼ਾ ਕੱਟ ਕੇ 50 ਫੀਸਦੀ ਦੇ ਕਰੀਬ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਪਾਸੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਪਾਕਿਸਤਾਨ ਫੇਰੀ ਦੌਰਾਨ ਵੀ ਇਹ ਮੁੱਦਾ ਉਠਾਇਆ ਸੀ।
ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਭਰੋਸਾ ਦਿੱਤਾ ਸੀ ਕਿ ਉਹ ਇਸ ‘ਤੇ ਇਮਾਨਦਾਰੀ ਨਾਲ ਕੰਮ ਕਰਨਗੇ ਪਰ ਅਫ਼ਸੋਸ ਦੀ ਗੱਲ ਹੈ ਕਿ ਪਹਿਲਾਂ ਵਾਂਗ ਇਸ ਵਾਰ ਵੀ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜ਼ੇ ਤੋਂ ਦੂਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਮਾਮਲੇ ਵਿੱਚ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਲਈ ਇੱਕ ਵਫ਼ਦ ਭੇਜਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਹ ਜਥਾ 25 ਨਵੰਬਰ ਨੂੰ ਪ੍ਰਥਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਲਈ ਰਵਾਨਾ ਹੋਣ ਵਾਲਾ ਹੈ। ਜਿੱਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮ ਮਨਾਇਆ ਜਾਵੇਗਾ। ਇਹ ਸਮੂਹ ਵੱਖ-ਵੱਖ ਤੀਰਥ ਸਥਾਨਾਂ ਦਾ ਦੌਰਾ ਕਰਨ ਤੋਂ ਬਾਅਦ 4 ਦਸੰਬਰ, 2023 ਨੂੰ ਭਾਰਤ ਵਾਪਸ ਪਰਤੇਗਾ।