International Punjab

ਪਾਕਿਸਤਾਨ ਸਰਕਾਰ ਨੇ ਕਰੋਨਾ ਕਰਕੇ ਸਿੱਖ ਜਥੇ ਨੂੰ ਨਹੀਂ ਦਿੱਤੇ ਵੀਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਜਥੇ ਦੇ ਪਾਕਿਸਤਾਨ ਜਾਣ ‘ਤੇ ਫਿਰ ਤੋਂ ਰੋਕ ਲੱਗ ਗਈ ਹੈ। ਪਾਕਿਸਤਾਨ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਸਿੱਖ ਜਥੇ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਸਿੱਖ ਜਥੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣਾ ਸੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਕੀਤੀ ਗਈ ਸੀ।

ਸ਼੍ਰੋਮਣੀ ਕਮੇਟੀ ਦੇ ਮੀਡੀਆ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਜੇ ਯਾਤਰਾ ਵਿਭਾਗ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਨਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਜਥਾ 14 ਜੂਨ ਨੂੰ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।