The Khalas Tv Blog International ਪਾਕਿਸਤਾਨ ਸਰਕਾਰ ਨੇ ਕਰੋਨਾ ਕਰਕੇ ਮੁੜ ਸਿੱਖ ਜਥੇ ਨੂੰ ਨਹੀਂ ਦਿੱਤੇ ਵੀਜ਼ੇ
International Punjab

ਪਾਕਿਸਤਾਨ ਸਰਕਾਰ ਨੇ ਕਰੋਨਾ ਕਰਕੇ ਮੁੜ ਸਿੱਖ ਜਥੇ ਨੂੰ ਨਹੀਂ ਦਿੱਤੇ ਵੀਜ਼ੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਸਰਕਾਰ ਨੇ ਕਰੋਨਾ ਮਹਾਂਮਾਰੀ ਕਾਰਨ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਨ੍ਹਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

ਇਸ ਤੋਂ ਪਹਿਲਾਂ ਵੀ ਪਾਕਿਸਤਾਨ ਸਰਕਾਰ ਨੇ ਕਰੋਨਾ ਮਹਾਂਮਾਰੀ ਦਾ ਹਵਾਲਾ ਦੇ ਕੇ ਸਿੱਖ ਜਥੇ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਦੀ ਮਨਜ਼ੂਰੀ ਨਹੀਂ ਦਿੱਤੀ ਸੀ। ਸਿੱਖ ਜਥੇ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਲਾਹੌਰ ਵਿਖੇ ਸ਼ਹੀਦੀ ਪੁਰਬ ਮਨਾਉਣ ਲਈ ਪਾਕਿਸਤਾਨ ਜਾਣਾ ਸੀ।

Exit mobile version