International

ਇਮਰਾਨ ਖਾਨ ਨੂੰ ਦੋ ਹਫ਼ਤਿਆਂ ਦੀ ਮਿਲੀ ਅੰਤਰਿਮ ਜ਼ਮਾਨਤ…

Pakistan's former PM Imran Khan was granted interim bail for two weeks, the appearance was held today in the Islamabad High Court.

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਮੁਖੀ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸਲਾਮਾਬਾਦ ਹਾਈ ਕੋਰਟ ਨੇ ਅਲ-ਕਾਦਿਰ ਟਰੱਸਟ ਮਾਮਲੇ ‘ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਜਸਟਿਸ ਮੀਆਂ ਗੁਲ ਹਸਨ ਔਰੰਗਜ਼ੇਬ ਅਤੇ ਜਸਟਿਸ ਤਮਨ ਰਿਫ਼ਤ ਇਮਤਿਆਜ਼ ਦੀ ਵਿਸ਼ੇਸ਼ ਬੈਂਚ ਦਾ ਗਠਨ ਕੀਤਾ ਗਿਆ ਸੀ। ਰਾਸ਼ਟਰੀ ਜਵਾਬਦੇਹੀ ਬਿਊਰੋ ਨੇ ਮੰਗਲਵਾਰ ਨੂੰ ਅਲ-ਕਾਦਿਰ ਟਰੱਸਟ ਮਾਮਲੇ ‘ਚ ਇਮਰਾਨ ਖਾਨ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਤੋਂ ਗ੍ਰਿਫਤਾਰ ਕੀਤਾ।

ਇਮਰਾਨ ਖਾਨ ਨੂੰ ਦੋ ਦਿਨ ਤੱਕ ਹਿਰਾਸਤ ‘ਚ ਰੱਖਿਆ ਗਿਆ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਮਰਾਨ ਖਾਨ ਨੂੰ ਇੱਕ ਘੰਟੇ ਦੇ ਅੰਦਰ ਅਦਾਲਤ ਵਿੱਚ ਪੇਸ਼ ਕਰਨ ਦਾ ਹੁਕਮ ਦਿੱਤਾ।
ਇਮਰਾਨ ਖ਼ਾਨ ਪੇਸ਼ੀ ਤੋਂ ਪਹਿਲਾਂ ਪੁਲਿਸ ਲਾਈਨਜ਼ ‘ਚ ਮੌਜੂਦ ਸਨ। ਉਨ੍ਹਾਂ ਨੂੰ ਭਾਰੀ ਸੁਰੱਖਿਆ ਦੇ ਵਿਚਕਾਰ ਇਸਲਾਮਾਬਾਦ ਦੀ ਅਦਾਲਤ ਵਿੱਚ ਲਿਜਾਇਆ ਗਿਆ। ਇਸ ਦੌਰਾਨ ਇਮਰਾਨ ਖਾਨ ਦੇ ਸਮਰਥਕਾਂ ਨੇ ਇਸਲਾਮਾਬਾਦ ਦੇ ਸ਼੍ਰੀਨਗਰ ਹਾਈਵੇਅ ਨੂੰ ਬੰਦ ਕਰ ਦਿੱਤਾ ਸੀ। ਇਸਲਾਮਾਬਾਦ ਹਾਈਕੋਰਟ ‘ਚ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।

ਇਸ ਤੋਂ ਪਹਿਲਾਂ ਇਮਰਾਨ ਖਾਨ ਨੂੰ ਪਾਕਿ ਰੇਂਜਰਸ ਦੀ ਟੀਮ ਨੇ ਮੰਗਲਵਾਰ (9 ਮਈ) ਨੂੰ ਇਸਲਾਮਾਬਾਦ ਹਾਈ ਕੋਰਟ ਤੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ, ਜਿਸ ਤੋਂ ਬਾਅਦ ਪੀਟੀਆਈ ਵਰਕਰਾਂ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਅੱਗ ਲਗਾ ਦਿੱਤੀ ਸੀ। ਇਸ ਤੋਂ ਬਾਅਦ ਕੱਲ੍ਹ 11 ਮਈ ਨੂੰ ਸੁਪਰੀਮ ਕੋਰਟ ਨੇ ਇਮਰਾਨ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਉੱਥੇ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਮੰਤਰੀਆਂ ਨੇ ਰਿਹਾਈ ਦੇ ਆਦੇਸ਼ ‘ਤੇ ਨਾਰਾਜ਼ਗੀ ਜਤਾਈ ਸੀ।