International

ਪਾਕਿਸਤਾਨੀ ਸੁਪਰੀਮ ਕੋਰਟ ਦਾ ਐਕਸ਼ਨ, ਫ਼ੌਜ ਨੇ ਹੱਥ ਪਿੱਛੇ ਖਿੱਚੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਖੁਦ-ਬ-ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਬੈਂਚ ਕਾਇਮ ਕਰ ਦਿੱਤਾ ਹੈ ਅਤੇ ਬੈਂਚ ਮਾਮਲੇ ਦੀ ਸਮੀਖਿਆ ਕਰੇਗਾ।

ਪਾਕਿਸਤਾਨ ਦੇ ਇੰਟਰ- ਸਰਵਿਸਿਜ਼ ਦੇ ਡੀਜੀ ਆਈਐਸਪੀਆਰ ਨੇ ਰਾਸ਼ਟਰਪਤੀ ਆਰਿਫ਼ ਅਲਵੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕੀਤੇ ਜਾਣ ਵਿੱਚ ਫ਼ੌਜ ਦੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਹੈ। ਇੱਕ ਬਿਆਨ ਵਿੱਚ ਡੀਜੀ ਆਈਐਸਪੀਆਰ ਮੇਜਰ ਜਨਰਲ ਬਾਬਰ ਇਫ਼ਤਿਖ਼ਾਰ ਨੇ ਕਿਹਾ, ‘ਅੱਜ ਜੋ ਕੁੱਝ ਵੀ ਹੋਇਆ, ਫ਼ੌਜ ਦੀ ਉਸ ਵਿੱਚ ਕੋਈ ਭੂਮਿਕਾ ਨਹੀਂ ਹੈ।‘’

ਦਰਅਸਲ, ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਖਿਲਾਫ਼ ਵੋਟਿੰਗ ਤੋਂ ਪਹਿਲਾਂ ਹੀ ਨੈਸ਼ਨਲ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਬੇਭਰੋਸਗੀ ਮਤਾ ਰੱਦ ਕਰਨ ਤੋਂ ਬਾਅਦ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਮਤੇ ’ਤੇ ਨੈਸ਼ਨਲ ਅਸੈਂਬਲੀ ਭੰਗ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਦੇ ਦਫ਼ਤਰ ਵੱਲੋਂ ਜਾਰੀ ਇੱਕ ਪ੍ਰੈੱਸ ਬਿਆਨ ਅਨੁਸਾਰ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਫਾਰਿਸ਼ ਨੂੰ ਸੰਵਿਧਾਨ ਦੇ ਪੈਰ੍ਹਾ 58 (1) ਤਹਿਤ ਮਨਜ਼ੂਰ ਕੀਤਾ ਹੈ।

Comments are closed.