ਹਰਿਆਣਾ : ਪੰਜਾਬ ਤੋਂ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਕਿਸਾਨ ਭਾਵੇਂ ਅੱਜ ਵੀ ਦਾਤਾਸਿੰਘਵਾਲਾ-ਖਨੌਰੀ ਸਰਹੱਦ ’ਤੇ ਫਸੇ ਹੋਏ ਹਨ, ਪਰ ਹੁਣ ਸਰਹੱਦ ਦੇ ਇਸ ਪਾਸੇ ਵਾਲੇ ਜੀਂਦ ਜ਼ਿਲ੍ਹੇ ਵਿੱਚ ਵੀ ਅੰਦੋਲਨ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿੰਡਾਂ ਵਿੱਚ ਪੰਚਾਇਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ।
ਉਚਾਨਾ ਬਲਾਕ ਦੇ ਪਿੰਡ ਘੋਘੜੀਆ ਵਿੱਚ ਐਤਵਾਰ ਸਵੇਰੇ ਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਐਤਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪਿੰਡਾਂ ਵਿੱਚੋਂ ਟਰੈਕਟਰ-ਟਰਾਲੀਆਂ ਭਰ ਕੇ ਦਿੱਲੀ ਵੱਲ ਕੂਚ ਕਰਨਗੇ। ਪੰਜਾਬ ਦੇ ਕਿਸਾਨਾਂ ਦਾ ਸਾਥ ਦਿੱਤਾ ਜਾਵੇਗਾ।
ਪਿੰਡ ਦੀ ਪੰਚਾਇਤ ਅਤੇ ਹੋਰ ਕਿਸਾਨਾਂ ਨੇ ਕਿਹਾ ਕਿ ਕਿਸਾਨ ਆਪਣੇ ਹੱਕਾਂ ਲਈ ਲੜ ਰਹੇ ਹਨ। ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਸਨ, ਪਰ ਉਨ੍ਹਾਂ ਨੂੰ ਸਰਹੱਦ ‘ਤੇ ਰੋਕ ਦਿੱਤਾ ਗਿਆ। ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ, ਅੱਥਰੂ ਗੈਸ ਦੇ ਗੋਲੇ ਸੁੱਟੇ ਗਏ, ਜਲ ਤੋਪਾਂ ਚਲਾਈਆਂ ਗਈਆਂ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ। ਉਹ ਕਿਸਾਨਾਂ ਦਾ ਪੂਰਾ ਸਮਰਥਨ ਕਰਦੇ ਹਨ ਅਤੇ ਪਿੰਡ ਵਿੱਚ ਕਮੇਟੀ ਬਣਾ ਕੇ ਦਿੱਲੀ ਮਾਰਚ ਲਈ ਰਵਾਨਾ ਹੋਣਗੇ। ਜੇਕਰ ਸ਼ਾਮ ਤੱਕ ਮੀਟਿੰਗ ਬੇਸਿੱਟਾ ਰਹੀ ਤਾਂ ਸੋਮਵਾਰ ਤੋਂ ਦਿੱਲੀ ਵੱਲ ਮਾਰਚ ਕਰਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਵੀ ਗੱਲਬਾਤ ਸ਼ੁਰੂ ਕਰ ਦਿੱਤੀ ਹੈ। ਉਚਾਨਾ ਦੇ ਕਈ ਪਿੰਡ ਉਸ ਨਾਲ ਮਾਰਚ ਵਿੱਚ ਸ਼ਾਮਲ ਹੋਣਗੇ।
ਦੂਜੇ ਬੰਨੇ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਪ੍ਰਦਰਸ਼ਨ ਕਰਨਗੇ।
ਟਿਕੈਤ ਨੇ ਇਹ ਵੀ ਦੱਸਿਆ ਕਿ ਸ਼ਨੀਵਾਰ ਨੂੰ ਇੱਥੇ ਸਿਸੌਲੀ ਵਿੱਚ ਹੋਈ ਪੰਚਾਇਤ ਨੇ ਇੱਕ ਮਤਾ ਪਾਸ ਕੀਤਾ ਹੈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਨੂੰ ਕਿਹਾ ਗਿਆ ਹੈ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 26 ਅਤੇ 27 ਫਰਵਰੀ ਨੂੰ ਦਿੱਲੀ ਤੱਕ ਟਰੈਕਟਰ ਮਾਰਚ ਕੱਢਿਆ ਜਾਵੇ।