ਜਗਜੀਤ ਸਿੰਘ ਡੱਲੇਵਾਲ ਦੀ ਨਜ਼ਰਬੰਦੀ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਹਰਿਆਣਾ-ਪੰਜਾਬ ਦੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਇਕੱਠ ਹੋਰ ਵੀ ਵਿਸ਼ਾਲ ਹੋਣਾ ਸ਼ੁਰੂ ਹੋ ਗਿਆ ਹੈ। ਸੁਖਜੀਤ ਸਿੰਘ ਹਰਦੋਝੰਡੇ ਵੱਲੋਂ ਖਨੌਰੀ ਬਾਰਡਰ ਉੱਪਰ ਮਰਨ ਵਰਤ ਦਾ ਅੱਜ ਦੂਜਾ ਦਿਨ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪ੍ਰਸਾਸ਼ਨ ਵੱਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਕਿਸੇ ਨੂੰ ਵੀ ਮਿਲਣ ਨਹੀਂ ਦਿੱਤਾ ਦਾ ਰਿਹਾ।
ਪੰਜਾਬ ਸਰਕਾਰ ’ਤੇ ਵਰ੍ਹਦਿਆਂ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੱਲੇਵਾਲ ਨੂੰ ਨਜ਼ਰਬੰਦ ਕਰਕੇ ਅੰਦੋਲਨ ਫੇਲ੍ਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਵਿੱਤ ਸਰਕਾਰ ਨਾਕਾਮ ਰਹੀ ਹੈ। ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੰਕਾ ਹੈ ਕਿ ਸਰਕਾਰ ਜ਼ਬਰਦਸਤੀ ਨੱਕ ’ਚ ਪਾਇਪ ਲਗਾ ਕੇ ਖਾਣਾ ਦੇ ਰਹੀ ਹੋਵੇਗੀ।
ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀ ਹਾਲਾਤ ਬਾਰੇ ਨਾਂ ਤਾਂ ਜਥੇਬੰਦੀਆਂ ਨੂੰ ਪਤਾ ਅਤੇ ਨਾ ਹੀ ਮੀਡੀਆ ਨੂੰ ਕੋਈ ਜਾਣਕਾਰੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਲੰਘੇ ਕੱਲ੍ਹ ਆਪਣੀ ਸਪਸ਼ਟੀਕਰਨ ਦੇ ਦਿੱਤੀ ਸੀ ਕਿ ਉਨ੍ਹਾਂ ਦਾ ਇਸਦੇ ਪਿੱਛੇ ਕੋਈ ਹੱਥ ਨਹੀਂ ਹੈ ਪਰ ਪੰਜਾਬ ਸਰਕਾਰ ਨੇ ਆਪ ਮਾਮਲੇ ਨੂੰ ਲੈ ਕੇ ਚੁੱਪੀ ਧਾਰੀ ਹੋਈ ਹੈ। ਪੰਧੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੇ ਸਾਹਮਣੇ ਆ ਕੇ ਇਸ ਮਾਮਲੇ ਬਾਰੇ ਗੱਲ ਕਰਨੀ ਚਾਹੀਦੀ ਹੈ।
ਇਸਦੇ ਨਾਲ ਉਨ੍ਹਾਂ ਨੇ ਲੋਕਾਂ ਨੂੰ ਅੰਦੋਲਨ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਆਪ-ਪਾਰ ਦੀ ਲੜਾਈ ਹੋਵੇਗੀ। ਪੰਧੇਰ ਨੇ ਕਿਹਾ ਕਿ ਜੋ ਕੁਝ ਵੀ ਕੱਲ੍ਹ ਪੰਜਾਬ ’ਚ ਹੋਇਆ ਹੈ ਇਹ ਮੁੱਦਾ ਹੁਣ ਦੇਸ਼ ਦੀ ਪਾਰਲੀਮੈਂਟ ‘ਚ ਗੂੰਜੇਗਾ।