ਚੰਡੀਗੜ੍ਹ : ਦਿੱਲੀ ਵਿੱਚ ਹਵਾ ਦੀ ਮਾੜੀ ਸਥਿਤੀ ਲਗਾਤਾਰ ਵਿਗੜ ਰਹੀ ਹੈ, ਜਿਸਦੇ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਕਿਸਾਨਾਂ ਉੱਤੇ ਲੱਗ ਰਹੇ ਇਨ੍ਹਾਂ ਦੋਸ਼ਾਂ ਦਾ ਜਵਾਬ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦਿੰਦਿਆਂ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਦਾ ਕਾਰਨ ਉੱਥੋਂ ਦੇ ਸਰੋਤ ਹਨ।
ਪੰਧੇਰ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਲਈ ਕੁਝ ਨੈਸ਼ਨਲ ਮੀਡੀਆ ਕਿਸਾਨਾਂ ਨੂੰ ਬਦਨਾਮ ਕਰ ਰਿਹਾ ਹੈ। ਨੈਸ਼ਨਲ ਮੀਡੀਆ ਸਹੀ ਗੱਲ ਲੋਕਾਂ ਤੱਕ ਨਹੀਂ ਪਹੁੰਚਾ ਰਿਹਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਅੰਕੜਿਆਂ ਦੇ ਮੁਤਾਬਕ 51% ਇੰਡਸਟਰੀ, 25 ਫੀਸਦੀ ਤੋਂ ਵੱਧ ਵਹੀਕਲ ਅਤੇ ਹੋਰ ਆਦਿ ਕਾਰਨ ਵੀ ਹਵਾ ਪ੍ਰਦੂਸ਼ਿਤ ਕਰਦੇ ਹਨ। ਲਗਪਗ 92 ਫੀਸਦੀ ਹਵਾ ‘ਚ ਪ੍ਰਦੂਸ਼ਨ ਹੋਰਨਾਂ ਕਾਰਨਾਂ ਕਰਕੇ ਹੋ ਰਿਹਾ ਹੈ ਨਾ ਕਿ ਕਿਸਾਨਾਂ ਦੀ ਪਰਾਲੀ ਕਾਰਨ। ਅੱਠ ਫੀਸਦੀ ਪ੍ਰਦੂਸ਼ਣ ਹੀ ਖੇਤੀ ਸੈਕਟਰ ਕਾਰਨ ਹੁੰਦਾ ਹੈ।
ਪੰਧੇਰ ਨੇ ਕਿਹਾ ਕਿ ਕਿਸਾਨਾਂ ਦੇ ਕੋਲ ਹੋਰ ਕੋਈ ਹੱਲ ਨਹੀਂ ਹੈ ਪਰ ਇਸ ਵਾਰ ਪਰਾਲੀ ਨੂੰ ਸਾੜਨ ਦੇ ਮਾਮਲੇ ਘਟੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ‘ਤੇ ਆ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣਨੀਆਂ ਚਾਹੀਦੀਆਂ ਹਨ ਨਾ ਕਿ ਹਵਾ ਪ੍ਰਦੂਸ਼ਣ ਦਾ ਸਾਰਾ ਦੋਸ਼ ਕਿਸਾਨਾਂ ਸਿਰ ਮੜਨਾ ਚਾਹੀਦਾ ਹੈ।
ਉਨ੍ਹਾਂ ਨੇ ਸਰਕਾਰਾਂ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਰਕਾਰਾਂ ਪਰਾਲੀ ਦਾ ਕੋਈ ਹੱਲ ਨਹੀਂ ਲੱਭ ਸਕੀਆਂ, ਇਸ ਕਰਕੇ ਇਹ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕਰ ਰਹੀਆਂ ਹਨ।