India

ਰਾਹੁਲ ਗਾਂਧੀ ਦੇ ਹੱਕ ‘ਚ ਆਏ ਪਰਮਜੀਤ ਸਰਨਾ: ਮਨਜਿੰਦਰ ਸਿਰਸਾ ਅਤੇ ਹਰਮੀਤ ਕਾਲਕਾ ਨੂੰ ਪਾਈ ਝਾੜ

ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਨੂੰ ਲੈ ਕੇ ਬੀਜੇਪੀ ਲਗਾਤਾਰ ਹਮਲੇ ਕਰ ਰਹੀ ਹੈ। ਬੀਜੇਪੀ ਦਾ ਇਲਜ਼ਾਮ ਹੈ ਕਿ ਰਾਹੁਲ ਗਾਂਧੀ ਨੇ ਆਪਣੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਲੰਘੇ ਕੱਲ੍ਹ ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ (MANJINDER SINGH SIRSA) ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC), ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਪ੍ਰਧਾਨਾਂ ਅਤੇ ਹੋਰ ਬੀਜੇਪੀ ਹਮਾਇਤੀ ਸਿੱਖ ਜਥੇਬੰਦੀਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਨਿਤਿਆਨੰਦ ਰਾਏ (STATE HOME MINISTER NITYANAND RAI) ਨੂੰ ਰਾਹੁਲ ਗਾਂਧੀ ਦੀ ਸ਼ਿਕਾਇਤ ਕੀਤੀ ਸੀ ਕਿ ਇਸ ਮਾਮਲੇ ਵਿੱਚ ਪਾਰਲੀਮੈਂਟ ਵਿੱਚ ਵੀ ਸਵਾਲ ਚੁੱਕਿਆ ਜਾਣਾ ਚਾਹੀਦਾ ਹੈ।

ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੇ ( Paramjit Singh Sarna)  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਹਾਲੀਆ ਸਿੱਖ ਪੱਖੀ ਟਿੱਪਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੀ ਆਲੋਚਨਾ ਕੀਤੀ ਹੈ।

ਉਨ੍ਹਾਂ ਨੇ ਭਾਜਪਾ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ‘ਤੇ ਵੀ ਨਿਸ਼ਾਨਾ ਸਾਧਦੇ ਹੋਏ ਦੋਵਾਂ ‘ਤੇ ਨਾਗਪੁਰ ‘ਚ ਆਪਣੇ ਸਿਆਸੀ ਆਗੂਆਂ ਦੀ ਸਿੱਖ ਵਿਰੋਧੀ ਵਿਚਾਰਧਾਰਾ ‘ਤੇ ਚੱਲਣ ਦਾ ਦੋਸ਼ ਲਗਾਇਆ। ਸਰਨਾ ਨੇ ਸਪੱਸ਼ਟ ਕੀਤਾ ਕਿ ਭਾਵੇਂ ਉਹ ਰਾਹੁਲ ਗਾਂਧੀ ਜਾਂ ਕਾਂਗਰਸ ਦੀ ਹਮਾਇਤ ਨਹੀਂ ਕਰਦੇ ਹਨ, ਪਰ ਉਨ੍ਹਾਂ ਨੇ ਸਿੱਖ ਕੌਮ ਪ੍ਰਤੀ ਵੱਧ ਰਹੀ ਦੁਸ਼ਮਣੀ ਬਾਰੇ ਗਾਂਧੀ ਦੀਆਂ ਟਿੱਪਣੀਆਂ ਦਾ ਸਮਰਥਨ ਕੀਤਾ ਹੈ। ਸਰਨਾ ਨੇ ਸਿਆਸੀ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਸਿੱਖ ਹੱਕਾਂ ਲਈ ਬੋਲਣ ਵਾਲੇ ਕਿਸੇ ਵੀ ਵਿਅਕਤੀ ਲਈ ਆਪਣੇ ਮੁੱਦੇ ਅਧਾਰਤ ਸਮਰਥਨ ‘ਤੇ ਜ਼ੋਰ ਦਿੱਤਾ।

ਰਾਹੁਲ ਗਾਂਧੀ ਦੀ ਅਮਰੀਕਾ ਫੇਰੀ ਦੌਰਾਨ ਕੀਤੀ ਗਈ ਟਿੱਪਣੀ ਦਾ ਬਚਾਅ ਕਰਦਿਆਂ ਸਰਨਾ ਨੇ ਕਿਹਾ ਕਿ ਕਾਂਗਰਸੀ ਆਗੂ ਦੇ ਬਿਆਨ ਸਿੱਖ ਪਛਾਣ ਨੂੰ ਢਾਹ ਲਾਉਣ ਦੀਆਂ ਯੋਜਨਾਬੱਧ ਕੋਸ਼ਿਸ਼ਾਂ ‘ਤੇ ਰੌਸ਼ਨੀ ਪਾਉਂਦੇ ਹਨ। ਉਨ੍ਹਾਂ ਨੇ ਗਾਂਧੀ ‘ਤੇ ਹਮਲਾ ਕਰਨ ਲਈ ਕਾਲਕਾ ਅਤੇ ਸਿਰਸਾ ਦੀ ਨਿੰਦਾ ਕੀਤੀ ਅਤੇ ਉਨ੍ਹਾਂ ਦੀਆਂ ਕਾਰਵਾਈਆਂ ਨੂੰ ਸਿਆਸੀ ਅਤੇ ਵਿਚਾਰਧਾਰਕ ਦੀਵਾਲੀਆਪਨ ਦਾ ਪ੍ਰਤੀਕ ਦੱਸਿਆ।

ਦੱਸ ਦਈਏ ਕਿ ਲੰਘੇ ਕੱਲ੍ਹ ਰਾਹੁਲ ਗਾਂਧੀ ਦੇ ਖਿਲਾਫ ਬੀਜੇਪੀ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦੇ ਨਾਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨਾਲ ਮੁਲਾਕਾਤ ਕਰਕੇ ਰਾਹੁਲ ਗਾਂਧੀ ਖਿਲਾਫ ਲੀਗਲ ਐਕਸ਼ਨ ਲੈਣ ਦੀ ਮੰਗ ਕੀਤੀ ਸੀ।