The Khalas Tv Blog Punjab ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ
Punjab

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪੰਜਾਬ ਪ੍ਰਦੇਸ਼ ਕਾਂਗਰਸ ਵਿੱਚ ਵੱਡਾ ਬਦਲਾਅ ਆਇਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਪਾਰਟੀ ਨੇ ਸਾਬਕਾ ਓਲੰਪੀਅਨ ਅਤੇ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਰਾਜਾ ਵੜਿੰਗ ਨੇ ਸ਼ੁੱਕਰਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਵਜੋਂ ਰਸਮੀ ਤੌਰ ‘ਤੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਤੱਕ ਸੂਬਾ ਕਾਂਗਰਸ ਪ੍ਰਧਾਨ ਵਜੋਂ ਸੇਵਾ ਨਿਭਾਈ ਪਰ ਹੁਣ ਇਹ ਜ਼ਿੰਮੇਵਾਰੀ ਪਰਗਟ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਸਵਾਲ ਉੱਠਦਾ ਹੈ ਕਿ ਜਦੋਂ ਕਈ ਹੋਰ ਪ੍ਰਮੁੱਖ ਆਗੂਆਂ ਦੇ ਨਾਵਾਂ ‘ਤੇ ਚਰਚਾ ਚੱਲ ਰਹੀ ਸੀ ਤਾਂ ਪਰਗਟ ਸਿੰਘ ਨੂੰ ਹੀ ਵਾਗਡੋਰ ਕਿਉਂ ਸੌਂਪੀ ਗਈ।

ਪਰਗਟ ਸਿੰਘ ਜਲੰਧਰ ਛਾਉਣੀ ਤੋਂ ਮੌਜੂਦਾ ਵਿਧਾਇਕ ਹਨ ਅਤੇ ਸਾਬਕਾ ਭਾਰਤੀ ਹਾਕੀ ਕਪਤਾਨ ਹਨ। ਉਹ ਪਦਮ ਸ਼੍ਰੀ ਅਤੇ ਅਰਜੁਨ ਪੁਰਸਕਾਰ ਜੇਤੂ ਹਨ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਪੰਜਾਬ ਪੁਲਿਸ ਵਿੱਚ ਪੁਲਿਸ ਸੁਪਰਡੈਂਟ ਵਜੋਂ ਸੇਵਾ ਨਿਭਾਈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਉਹ ਕੈਬਨਿਟ ਮੰਤਰੀ ਰਹੇ ਅਤੇ ਵਰਤਮਾਨ ਵਿੱਚ ਜੰਮੂ-ਕਸ਼ਮੀਰ ਦੇ ਇੰਚਾਰਜ ਏਆਈਸੀਸੀ ਸਕੱਤਰ ਹਨ। ਉਹ ਪੂਰੇ ਪੰਜਾਬ ਵਿੱਚ ਇੱਕ ਪ੍ਰਮੁੱਖ ਚਿਹਰਾ ਮੰਨੇ ਜਾਂਦੇ ਹਨ।

ਪਰਗਟ ਸਿੰਘ ਦੀ ਸਿਆਸਤ ‘ਚ ਐਂਟਰੀ

ਉਨ੍ਹਾਂ ਨੇ 2012 ਵਿੱਚ ਰਾਜਨੀਤੀ ਵਿੱਚ ਐਂਟਰੀ ਕੀਤੀ। ਜਲੰਧਰ ਛਾਉਣੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਜਿੱਤ ਪ੍ਰਾਪਤ ਕੀਤੀ ਅਤੇ ਕਾਂਗਰਸ ਦੇ ਜਗਬੀਰ ਸਿੰਘ ਬਰਾੜ ਨੂੰ ਹਰਾਇਆ। 2016 ਵਿੱਚ ਅਕਾਲੀ ਦਲ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਉਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਛੱਡ ਦਿੱਤੀ ਅਤੇ ਸੁਖਬੀਰ ਸਿੰਘ ਬਾਦਲ ‘ਤੇ ਵੋਟਰਾਂ ਨਾਲ ਧੋਖਾ ਕਰਨ ਦਾ ਇਲਜ਼ਾਮ ਲਗਾਇਆ। ਫਿਰ ਨਵਜੋਤ ਸਿੰਘ ਸਿੱਧੂ ਅਤੇ ਬੈਂਸ ਭਰਾਵਾਂ ਨਾਲ ਆਵਾਜ਼-ਏ-ਪੰਜਾਬ ਫਰੰਟ ਵਿੱਚ ਸ਼ਾਮਲ ਹੋ ਗਏ। ਬਾਅਦ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਕੇ 2017 ਵਿੱਚ ਉਸੇ ਸੀਟ ਤੋਂ ਦੁਬਾਰਾ ਚੋਣ ਜਿੱਤੀ।

ਜਲੰਧਰ ਕੈਂਟ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਭਾਰੀ ਜਿੱਤ ਹੋਣ ਦੇ ਬਾਵਜੂਦ ਉਨ੍ਹਾਂ ਨੇ ਕਾਂਗਰਸ ਲਈ ਇਹ ਸੀਟ ਬਰਕਰਾਰ ਰੱਖੀ ਅਤੇ ਸਾਬਕਾ ਹਾਕੀ ਖਿਡਾਰੀ ਸੁਰਿੰਦਰ ਸਿੰਘ ਸੋਢੀ ਨੂੰ ਲਗਭਗ 5800 ਵੋਟਾਂ ਨਾਲ ਹਰਾਇਆ। ਇਸ ਤਰ੍ਹਾਂ ਉਹ 2012, 2017 ਅਤੇ 2022 ਵਿੱਚ ਲਗਾਤਾਰ ਤਿੰਨ ਵਾਰ ਵਿਧਾਇਕ ਚੁਣੇ ਗਏ।

ਤਿੰਨ ਓਲੰਪਿਕਸ ‘ਚ ਭਾਰਤ ਦੀ ਕਪਤਾਨੀ

ਖੇਡ ਖੇਤਰ ਵਿੱਚ ਪਰਗਟ ਸਿੰਘ ਦਾ ਕਰੀਅਰ ਸ਼ਾਨਦਾਰ ਰਿਹਾ। ਉਨ੍ਹਾਂ ਨੇ 1988 ਸਿਓਲ, 1992 ਬਾਰਸੀਲੋਨਾ ਅਤੇ 1996 ਅਟਲਾਂਟਾ ਓਲੰਪਿਕ ਵਿੱਚ ਭਾਰਤ ਦੀ ਨੁਮਾਇੰਦਗੀ ਕੀਤੀ। ਬਾਰਸੀਲੋਨਾ ਅਤੇ ਅਟਲਾਂਟਾ ਵਿੱਚ ਭਾਰਤੀ ਟੀਮ ਦੀ ਕਪਤਾਨੀ ਵੀ ਕੀਤੀ। 1996 ਤੋਂ ਬਾਅਦ ਅੰਤਰਰਾਸ਼ਟਰੀ ਹਾਕੀ ਤੋਂ ਸੰਨਿਆਸ ਲਿਆ ਪਰ ਖੇਡ ਨਾਲ ਜੁੜਾਅ ਬਣਿਆ ਰਿਹਾ। ਉਹ ਐਫਆਈਐਚ ਐਥਲੀਟ ਪੈਨਲ ਅਤੇ ਰੂਲਜ਼ ਐਡਵਾਈਜ਼ਰੀ ਪੈਨਲ ਨਾਲ ਜੁੜੇ ਰਹੇ ਅਤੇ 1998 ਵਿੱਚ ਭਾਰਤੀ ਰਾਸ਼ਟਰੀ ਹਾਕੀ ਟੀਮ ਦੇ ਕੋਚ ਵੀ ਬਣੇ।

ਰਾਜਨੀਤੀ ਵਿੱਚ ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵਿੱਚ ਸਤੰਬਰ 2021 ਤੋਂ ਮਾਰਚ 2022 ਤੱਕ ਕੈਬਨਿਟ ਮੰਤਰੀ ਵਜੋਂ ਸਕੂਲ ਸਿੱਖਿਆ, ਉੱਚ ਸਿੱਖਿਆ, ਖੇਡਾਂ, ਯੂਥ ਸੇਵਾਵਾਂ ਅਤੇ ਐੱਨਆਰਆਈ ਮਾਮਲਿਆਂ ਦੀ ਜ਼ਿੰਮੇਵਾਰੀ ਸੰਭਾਲੀ। ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਰਹਿੰਦਿਆਂ ਉਹ ਜਨਰਲ ਸਕੱਤਰ (ਸੰਗਠਨ) ਵੀ ਰਹੇ। ਇਸ ਤਰ੍ਹਾਂ ਖੇਡਾਂ, ਪੁਲਿਸ ਅਤੇ ਰਾਜਨੀਤੀ ਵਿੱਚ ਤਜਰਬੇਕਾਰ ਇਸ ਆਗੂ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪੀ ਗਈ ਹੈ।

Exit mobile version