‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਦ ਖ਼ਾਲਸ ਟੀਵੀ ਦੀ ਸਾਰੀ ਟੀਮ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 487ਵੇਂ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਕੋਟਾਨ ਕੋਟਿ ਵਧਾਈ ਦਿੰਦੀ ਹੈ। ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਸੀਂ ਤੁਹਾਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਜੀਆਂ ਰੌਣਕਾਂ ਦਿਖਾ ਰਹੇ ਹਾਂ ਜਿੱਥੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਪਹੁੰਚੀ ਹੋਈ ਹੈ। ਇਸ ਮੌਕੇ ਸੁੰਦਰ ਜਲੌਅ ਸਜਾਏ ਗਏ ਹਨ ਅਤੇ ਫੁੱਲਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਦੀ ਬਹੁਤ ਹੀ ਮਨਮੋਹਕ ਸਜਾਵਟ ਕੀਤੀ ਗਈ ਹੈ।
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀਆਂ ਵੱਲੋਂ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ। ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਅਰਦਾਸ ਉਪਰੰਤ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਸਜਾਇਆ ਗਿਆ। ਆਰੰਭਤਾ ਸਮੇਂ ਫੁੱਲਾਂ ਦੀ ਵਰਖਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਇਸ ਵਾਰ ਨਗਰ ਕੀਰਤਨ ਸ੍ਰੀ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸਜਾਇਆ ਗਿਆ, ਜਿਥੇ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ।
ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਦੀਨ ਦੁਨੀਆਂ ਦੇ ਵਾਲੀ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਰਾਮਦਾਸ ਪਾਤਸ਼ਾਹ ਦੇ ਜੀਵਨ ਬ੍ਰਿਤਾਂਤ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਾਣੀ ਤੇ ਜੀਵਨ ਜਾਚ ਸਾਡੇ ਲਈ ਹਮੇਸ਼ਾ ਪ੍ਰੇਰਣਾ ਦਾ ਸ੍ਰੋਤ ਹੈ।
ਉਨ੍ਹਾਂ ਕਿਹਾ ਕਿ ਧੰਨ ਗੁਰੂ ਰਾਮਦਾਸ ਜੀ ਦਾ ਭਰੋਸਾ ਧੰਨ ਗੁਰੂ ਸ਼੍ਰੀ ਅਮਰਦਾਸ ਜੀ ਉਤੇ ਬਹੁਤ ਵੱਡਾ ਸੀ, ਤੇ ਇਸੇ ਦੇ ਸਦਕਾ ਤੇ ਵਿਸ਼ਵਾਸ ਦੇ ਨਾਲ ਉਨ੍ਹਾਂ ਸੇਵਾ ਕੀਤੀ ਤੇ ਉਨ੍ਹਾਂ ਨੇ ਬਹੁਤ ਵੱਡਾ ਮੁਰਾਤਬਾ ਧੰਨ ਅਮਰਦਾਸ ਜੀ ਦੇ ਪਾਸੋ ਹਾਸਿਲ ਕੀਤਾ ਤੇ ਗੁਰੁਆਈ ਦੀ ਦਾਤ ਹਾਸਿਲ ਕੀਤੀ। ਉਨ੍ਹਾਂ ਕਿਹਾ ਕਿ ਭਾਈ ਜੇਠਾ ਜੀ ਤੋ ਧੰਨ ਗੁਰੂ ਰਾਮਦਾਸ ਜੀ ਦੇ ਨਾਂ ਨਾਲ ਪੂਰੇ ਸੰਸਾਰ ਵਿਚ ਵਿਦਮਾਨ ਹੋਏ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਿਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ਉੱਤੇ ਮਨਾਇਆ ਜਾ ਰਿਹਾ ਹੈ। ਇਸ ਵਡਭਾਗੇ ਦਿਨ ਸਾਨੂੰ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ।