Punjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੇਖੋ ਵੱਖ-ਵੱਖ ਧਾਰਮਿਕ ਅਸਥਾਨਾਂ ਤੋਂ LIVE ਤਸਵੀਰਾਂ

‘ਦ ਖ਼ਾਲਸ ਬਿਊਰੋ : ਅੱਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਬਹੁਤ ਧੂਮ ਧਾਮ ਦੇ ਨਾਲ ਮਨਾਇਆ ਗਿਆ। ਸ਼੍ਰੀ ਦਰਬਾਰ ਸਾਹਿਬ, ਸੁਲਤਾਨਪੁਰ ਲੋਧੀ, ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਆਦਿ ਧਾਰਮਿਕ ਅਸਥਾਨਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਗੁਰੂ ਘਰਾਂ ਨੂੰ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ ਅਤੇ ਰਾਤ ਨੂੰ ਦੀਪਮਾਲਾ ਵੀ ਕੀਤੀ ਜਾਵੇਗੀ। ਗੁਰੂ ਕੇ ਲੰਗਰ ਅਤੁੱਟ ਵਰਤੇ ਰਹੇ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਬਚਨ ਸਿੰਘ ਦੇ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਤੋਂ ਪਹਿਲਾਂ ਸੰਸਾਰ ’ਤੇ ਅਗਿਆਨਤਾ ਦਾ ਹਨੇਰਾ ਪਸਰਿਆ ਹੋਇਆ ਸੀ, ਜਿਸ ਨੂੰ ਗੁਰੂ ਸਾਹਿਬ ਨੇ ਗੁਰਬਾਣੀ ਦੇ ਚਾਨਣ ਰਾਹੀਂ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੰਸਾਰ ’ਤੇ ਫੈਲੀ ਜਾਤ-ਪਾਤ, ਵਰਣ-ਵੰਡ ਦੀ ਬੁਰਾਈ ਨੂੰ ਦੂਰ ਕਰਦਿਆਂ ਮਨੁੱਖਤਾ ਨੂੰ ਏਕੇ ਵਿਚ ਪਰੋਇਆ। ਇਸ ਦੇ ਨਾਲ ਹੀ ਉਨ੍ਹਾਂ ਔਰਤਾਂ ਨੂੰ ਸਮਾਜ ਅੰਦਰ ਉੱਚਾ ਅਤੇ ਬਰਾਬਰ ਸਨਮਾਨ ਦਿੱਤਾ। ਉਨ੍ਹਾਂ ਆਖਿਆ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਰਬਸਾਂਝੇ ਸਮਾਜ ਦੀ ਸਿਰਜਣਾ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਵੀ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।

ਸੁਲਤਾਨਪੁਰ ਲੋਧੀ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੀ ਅਲੌਕਿਕ ਦੀਪਮਾਲਾ ਤੇ ਸੁੰਦਰ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਈ। ਵੱਖ-ਵੱਖ ਤਰ੍ਹਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਗੁਰਦੁਆਰਾ ਸਾਹਿਬ ਨੂੰ ਸਜਾਇਆ ਗਿਆ ਹੈ।

ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਧੂਮ ਧਾਮ ਅਤੇ ਸ਼ਰਧਾ ਦੇ ਨਾਲ ਮਨਾਇਆ ਗਿਆ। ਇਸ ਮੌਕੇ ਨਗਰ ਕੀਰਤਨ ਸਜਾਇਆ ਗਿਆ ਅਤੇ ਧਾਰਮਿਕ ਸਮਾਗਮ ਕਰਵਾਏ ਗਏ। ਸ਼੍ਰੀ ਨਨਕਾਣਾ ਸਾਹਿਬ ਵਿਖੇ ਗੁਰਪੁਰਬ ਮਨਾਉਣ ਲਈ ਭਾਰਤ ਤੋਂ 910 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਹੋਇਆ ਹੈ। ਸਿੱਖ ਸ਼ਰਧਾਲੂਆਂ ਦੇ ਜਥੇ ਦਾ ਗੁਰਦੁਆਰਾ ਨਨਕਾਣਾ ਸਾਹਿਬ `ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਔਕਾਫ ਬੋਰਡ ਦੇ ਅਧਿਕਾਰੀਆਂ ਵਲੋਂ ਸਵਾਗਤ ਕੀਤਾ ਗਿਆ। ਸਿੱਖ ਸ਼ਰਧਾਲੂਆਂ ਨੂੰ ਵਾਹਗਾ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਨਨਕਾਣਾ ਸਾਹਿਬ ਲਿਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ ਇਮੀਗ੍ਰੇਸ਼ਨ ਫਾਰਮ ਭਰਨ, ਲੰਗਰ ਤੇ ਇਮੀਗ੍ਰੇਸ਼ਨ ਤੋਂ ਅਟਾਰੀ ਸਰਹੱਦ ਤੱਕ ਪੰਜ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਸੀ। ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਤੋਂ ਬਾਅਦ 15 ਨਵੰਬਰ ਨੂੰ ਸਿੱਖ ਜਥਾ ਨਨਕਾਣਾ ਸਾਹਿਬ ਤੋਂ ਵਾਪਸ ਵਤਨ ਪਰਤੇਗਾ।

ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸੰਗਤ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।