Punjab

ਬੇਅਦਬੀ ਕਾਂਡ ‘ਚ ਪ੍ਰਕਾਸ਼ ਸਿੰਘ ਬਾਦਲ ਨੂੰ ਪੁਲਿਸ ਨੇ ਸੱਦਿਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮਾਮਲੇ ਵਿੱਚ ਬਣਾਈ ਨਵੀਂ SIT ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਨਵੀਂ ਐੱਸਆਈਟੀ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਐੱਸਆਈਟੀ ਨੇ ਪੁੱਛਗਿੱਛ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਫੇਜ਼ 8 ਦੇ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ ‘ਚ ਸਵੇਰੇ 10:30 ਵਜੇ ਬੁਲਾਇਆ ਗਿਆ ਹੈ।

ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਵੀ ਪ੍ਰਕਾਸ਼ ਸਿੰਘ ਬਾਦਲ ਦੇ ਬਿਆਨ ਲਏ ਸਨ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਹ ਐੱਸਆਈਟੀ ਦਾ ਜਾਂਚ ਵਿੱਚ ਹਮੇਸ਼ਾ ਤੋਂ ਪੂਰਾ ਸਹਿਯੋਗ ਦਿੰਦੇ ਆ ਰਹੇ ਹਨ। ਜਦੋਂ ਕੋਟਕਪੂਰਾ ਗੋਲੀਕਾਂਡ ਘਟਨਾ ਵਾਪਰੀ ਸੀ, ਪ੍ਰਕਾਸ਼ ਸਿੰਘ ਬਾਦਲ ਉਸ ਸਮੇਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਸਨ।