‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਫੋਰਟਿਸ ਹਸਪਤਾਲ ਮੁਹਾਲੀ ਨੇ ਬਿਆਨ ਜਾਰੀ ਕੀਤਾ ਹੈ। ਹਸਪਤਾਲ ਦੇ ਬੁਲਾਰੇ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਕਈ ਮੰਦਭਾਗੀ ਗੱਲਾਂ ਕੀਤੀਆਂ ਗਈਆਂ ਹਨ। ਬਾਦਲ ਦੀ ਸਿਹਤ ਸਥਿਰ ਹੈ ਤੇ ਉਹਨਾਂ ਨੂੰ ਛੇਤੀ ਡਿਸਚਾਰਜ ਕਰ ਦਿੱਤਾ ਜਾਵੇਗਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ PM ਮੋਦੀ ਨੇ ਪ੍ਰਕਾਸ਼ ਸਿੰਘ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵਿਟ ਕਰਦਿਆਂ ਕਿਹਾ ਕਿ ਮੈਂ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।
ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਹਾਲ ਪੁੱਛਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ, ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਨਾਰਮਲ ਹਨ।
ਦੱਸ ਦਈਏ ਕਿ ਪੰਜਾਬ ਦੇ 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਕੱਲ੍ਹ ਰਾਤ ਹਸਪਤਾਲ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ 6 ਜੂਨ ਨੂੰ ਉਨ੍ਹਾਂ ਨੂੰ ਪੇਟ ਸਬੰਧੀ ਸ਼ਿਕਾਇਤਾਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ਵਿੱਚ ਛੁੱਟੀ ਦੇ ਦਿੱਤੀ ਗਈ ਸੀ। ਇਸ ਸਾਲ ਦੇ ਸ਼ੁਰੂ ਵਿੱਚ ਸ੍ਰੀ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ਵਿੱਚ ਦਾਖਲ ਸਨ। ਫਰਵਰੀ ਵਿੱਚ ਉਨ੍ਹਾਂ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ ਸੀ।