ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਜਾਨ ਗਵਾਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ।
ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਸੰਘਰਸ਼ ਅਤੇ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਮਾਨਸਾ ਧਰਨੇ ਵਾਲੀ ਥਾਂ ’ਤੇ ਪਹੁੰਚੇ ਸਨ।
ਇਸ ਦੌਰਾਨ ਉਨ੍ਹਾਂ ਨੇ ਭਾਈ ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨਾਲ ਮੁਲਾਕਾਤ ਕਰਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾ ਯਾਦ ਰੱਖੇਗੀ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਵਿਰੁੱਧ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਣਾ ਸਮੇਂ ਦੀ ਅਹਿਮ ਲੋੜ ਹੈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ।
ਪਰਿਵਾਰ ਨਾਲ ਮੁਲਾਕਾਤ ਦੌਰਾਨ ਐਡਵੋਕੇਟ ਧਾਮੀ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਉਨ੍ਹਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਦੁੱਖ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਲ ਹੈ ਤੇ ਅਜਿਹੇ ਸਮੇਂ ਸਿੱਖ ਸੰਸਥਾਵਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਪੀੜਤ ਪਰਿਵਾਰ ਦੇ ਨਾਲ ਖੜ੍ਹਨ ਅਤੇ ਉਨ੍ਹਾਂ ਨੂੰ ਇਕੱਲੇਪਣ ਦਾ ਅਹਿਸਾਸ ਨਾ ਹੋਣ ਦੇਣ

