The Khalas Tv Blog Punjab ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਰੱਖੀ ਇਕ ਹੋਰ ਮੰਗ
Punjab

ਪਰਵਿੰਦਰ ਸਿੰਘ ਦੇ ਪਿਤਾ ਭੀਮ ਸਿੰਘ ਨੇ ਰੱਖੀ ਇਕ ਹੋਰ ਮੰਗ

ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਵੇਰੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਜਾਰੀ ਕਰਕੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਨਾਲ ਚੱਲ ਰਹੀਆਂ ਮੀਟਿੰਗਾਂ ਵਿੱਚ ਐਸਐਸਪੀ ਸ਼ਾਮਿਲ ਨਾ ਹੋਣ। ਉਨ੍ਹਾਂ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ਗਿੱਲ ਅਤੇ ਸਿਟੀ-2 ਥਾਣੇ ਦੀ ਐਸਐਚਓ ਬੇਅੰਤ ਕੌਰ ਨੂੰ ਤੁਰੰਤ ਡਿਸਮਿਸ ਕਰਨ ਦੀ ਮੰਗ ਵੀ ਰੱਖੀ ਹੈ।

ਭੀਮ ਸਿੰਘ ਨੇ ਦੋਸ਼ ਲਗਾਇਆ ਕਿ ਪਰਵਿੰਦਰ ਸਿੰਘ ਝੋਟਾ ਦਾ ਕਤਲ ਇੱਕ ਸਾਜ਼ਿਸ਼ ਅਧੀਨ ਕੀਤਾ ਗਿਆ ਹੈ ਅਤੇ ਇਸ ਵਿੱਚ ਕਈ ਪੁਲਿਸ ਅਧਿਕਾਰੀਆਂ ਦੀ ਸ਼ਮੂਲੀਅਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਜਾਣ-ਬੁੱਝ ਕੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਹੈ ਅਤੇ ਜਿਵੇਂ ਲੋਕਾਂ ਦਾ ਫੈਸਲਾ ਹੋਵੇਗਾ, ਉਸੇ ਤਰ੍ਹਾਂ ਹੀ ਪਰਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।

ਪਿਤਾ ਨੇ ਦੱਸਿਆ ਕਿ ਪਰਿਵਾਰ ਅਤੇ ਇਨਸਾਫ਼ ਕਮੇਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ, ਪਰ ਅਜੇ ਤੱਕ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਰਿਵਾਰ ਇਸ ਵੇਲੇ ਸਦਮੇ ਵਿੱਚ ਹੈ। ਕੁਝ ਲੋਕ ਉਨ੍ਹਾਂ ਨੂੰ ਬੋਲਣ ਲਈ ਮਜਬੂਰ ਕਰਦੇ ਹਨ ਅਤੇ ਫਿਰ ਸੋਸ਼ਲ ਮੀਡੀਆ ’ਤੇ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਪੁੱਛਿਆ ਕਿ ਜਿਨ੍ਹਾਂ ਦਾ ਇਕਲੌਤਾ ਜਵਾਨ ਪੁੱਤਰ ਕਤਲ ਕਰ ਦਿੱਤਾ ਜਾਵੇ, ਉਸ ਪਰਿਵਾਰ ’ਤੇ ਕੀ ਬੀਤਦੀ ਹੋਵੇਗੀ, ਇਹ ਵੀ ਸੋਚਣ ਵਾਲੀ ਗੱਲ ਹੈ।

ਭੀਮ ਸਿੰਘ ਨੇ ਦੱਸਿਆ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁਲਾਈਆਂ ਜਾ ਰਹੀਆਂ ਹਰ ਮੀਟਿੰਗ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਧਿਆਨ ਨਾਲ ਗੱਲ ਸੁਣਦੇ ਹਨ। ਪਰ ਉਨ੍ਹਾਂ ਐਸਐਸਪੀ ਵੈਭਵ ਚੌਧਰੀ ਦੀ ਮੌਜੂਦਗੀ ’ਤੇ ਇਤਰਾਜ਼ ਜਤਾਇਆ ਹੈ ਅਤੇ ਮੰਗ ਕੀਤੀ ਹੈ ਕਿ ਉਹ ਕਿਸੇ ਵੀ ਮੀਟਿੰਗ ਵਿੱਚ ਸ਼ਾਮਿਲ ਨਾ ਹੋਣ ਅਤੇ ਉਨ੍ਹਾਂ ਦਾ ਤੁਰੰਤ ਮਾਨਸਾ ਤੋਂ ਤਬਾਦਲਾ ਕੀਤਾ ਜਾਵੇ। ਪਰਿਵਾਰ ਦੀਆਂ ਇਨ੍ਹਾਂ ਮੰਗਾਂ ਨਾਲ ਮਾਮਲਾ ਹੋਰ ਗੰਭੀਰ ਹੋ ਗਿਆ ਹੈ।

 

Exit mobile version