‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਰੇ ਪਟਵਾਰੀ ਅਤੇ ਕਾਨੂੰਗੋ ਅੱਜ ਤੋਂ 15 ਮਈ ਤੱਕ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਇਸ ਦਾ ਐਲਾਨ ਖੁਦ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਪ੍ਰੈਸ ਰਲੀਜ਼ ਜਾਰੀ ਕਰਕੇ ਕੀਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਕੁੱਝ ਦਿਨ ਪਹਿਲਾਂ ਦੀਦਾਰ ਸਿੰਘ ਜਿਲ੍ਹਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਸੰਗਰੂਰ-ਮਲੇਰਕੋਟਲਾ ਖਿਲਾਫ਼ ਵਿਜੀਲੈਂਸ ਦੇ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਬਿਲਕੁਲ ਝੂਠਾ ਹੈ। ਪਟਵਾਰੀਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਕੇਸ ਵਾਪਸ ਨਾ ਲਿਆ ਤਾਂ ਉਹ ਲੰਬੀ ਹੜਤਾਲ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਵਿਜੀਲੈਂਸ ਝੂਠੇ ਕੇਸ ਬਣਾ ਰਹੀ ਹੈ, ਉਸ ਨਾਲ ਮਾਲ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਦਫ਼ਤਰਾਂ ਵਿੱਚ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਦੱਸ ਦਈਏ ਕਿ ਮਲੇਰਕੋਟਲਾ ਵਿੱਚ ਪਟਵਾਰੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਟਵਾਰ ਯੂਨੀਅਨਾਂ ਨੇ ਸਰਕਾਰ ਤੇ ਵਿਜੀਲੈਂਸ ਵਿਭਾਗ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਪਟਵਾਰੀਆਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਝੂਠੇ ਕੇਸ ਬਣਾ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਮਲੇਰਕੋਟਲਾ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਆਧਾਰ ‘ਤੇ ਯੂਨੀਅਨ ਨੇ ਪਟਵਾਰੀ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ।