Punjab

ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Patwari arrested on charges of taking bribe by Vigilance

ਨਵਾਂਸ਼ਹਿਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ, ਜ਼ਿਲ੍ਹਾ ਐਸ.ਬੀ.ਐਸ. ਨਗਰ ਵਿਖੇ ਤਾਇਨਾਤ ਪਟਵਾਰੀ ਪ੍ਰੇਮ ਕੁਮਾਰ ਨੂੰ 24,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਅਮਰਜੀਤ ਸਿੰਘ ਵਾਸੀ ਕਰਨਾਣਾ, ਤਹਿਸੀਲ ਬੰਗਾ ਨੇ ਦੋਸ਼ ਲਗਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਕਿਸ਼ਤਾਂ ‘ਚ 24,000 ਰੁਪਏ ਰਿਸ਼ਵਤ ਵਜੋਂ ਲਏ ਹਨ।

ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ‘ਤੇ ਰਿਕਾਰਡ ਕਰ ਲਈ ਹੈ ਜਦੋਂ ਦੋਸ਼ੀ ਪਟਵਾਰੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ੀ ਪਾਏ ਜਾਣ ਉਪਰੰਤ ਉਪਰੋਕਤ ਮਾਲ ਮਹਿਕਮੇ ਦੇ ਕਰਮਚਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਸਬੰਧੀ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।