Punjab

ਮੀਂਹ ਤੋਂ ਅੱਕੇ ਲੋਕ , ਘਰਾਂ ਦੇ ਘਰ ਡੁੱਬੇ , 250 ਤੋਂ ਵੱਧ ਸੜਕਾਂ ਬੰਦ

People fed up by rain, houses flooded, more than 250 roads closed

ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਏ ਮੀਂਹ ਨੇ ਪਿਛਲੇ 23 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਹ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਭਾਰੀ ਮੀਂਹ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ਵਿੱਚ ਪਿਛਲੇ 24 ਘੰਟਿਆਂ ਦੌਰਾਨ 322.2 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ।

ਮੁਹਾਲੀ ਦੇ ਸੈਂਕੜੇ ਘਰਾਂ ਵਿੱਚ ਮੀਂਹ ਦਾ ਪਾਣੀ ਦਾਖ਼ਲ ਹੋ ਗਿਆ ਹੈ। ਸੈਕਟਰ 71 ਵਿੱਚ ਏਅਰਪੋਰਟ ਰੋਡ ਨੇੜੇ ਘਰਾਂ ਵਿੱਚ ਵੀ ਗੋਡੇ ਗੋਡੇ ਪਾਣੀ ਖੜ੍ਹਾ ਹੈ। ਮੁਹਾਲੀ ਦੇ ਨੀਵੇਂ ਇਲਾਕਿਆਂ ਵਿਚ ਪਾਰਕ ਕੀਤੀਆਂ ਕਾਰਾਂ ਪਾਣੀ ਵਿੱਚ ਫਸ ਗਈਆਂ।

ਮੁਹਾਲੀ ਦੇ ਪਿੰਡ ਸੁਹਾਣਾ ਵਿੱਚ ਵੀ ਹਾਲਾਤ ਕੋਈ ਬਹੁਤੇ ਚੰਗੇ ਨਹੀਂ ਹਨ। ਸੁਹਾਣਾ ਪਿੰਡ ਵਿੱਚ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਗਿਆ ਹੈ। ਪਾਣੀ ਕਰਕੇ ਕਈ ਲੋਕਾਂ ਦੇ ਘਰਾਂ ਵਿੱਚ ਕਰੰਟ ਵੀ ਆ ਗਿਆ ਜਿਸ ਕਰਕੇ ਲੋਕਾਂ ਨੂੰ ਮਜ਼ਬੂਰੀ ਵੱਸ ਪਿੰਡ ਦੀ ਬਿਜਲੀ ਬੰਦ ਕਰਵਾਉਣੀ ਪਈ। ਸ਼ਹਿਰ ਅਤੇ ਇਲਾਕੇ ਦੀਆਂ ਬਹੁਤੀਆਂ ਸੜਕਾਂ ਅਤੇ ਹੋਰ ਨੀਵੀਆਂ ਥਾਵਾਂ ਪਾਣੀ ਨਾਲ ਭਰੀਆਂ ਹੋਈਆਂ ਹਨ, ਜਿਸ ਕਾਰਨ ਰਾਹਗੀਰਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਦੋ ਪਹੀਆ ਵਾਹਨਾਂ ਦੇ ਇੰਜਣਾਂ ਵਿੱਚ ਪਾਣੀ ਪੈਣ ਕਾਰਨ ਉਹ ਪਾਣੀ ਵਿੱਚ ਬੰਦ ਹੋ ਗਏ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ੱਕਤ ਕਰਨੀ ਪਈ।

ਡੇਰਾਬੱਸੀ ਅਤੇ ਜ਼ੀਰਕਪੁਰ ਖੇਤਰ ਵਿੱਚ ਦੋ ਦਿਨਾਂ ਤੋਂ ਪੈ ਰਹੇ ਭਰਵੇਂ ਮੀਂਹ ਨਾਲ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਦੋਵੇਂ ਖੇਤਰਾਂ ਵਿੱਚ ਲੰਘ ਰਹੇ ਨਦੀ ਨਾਲੇ ਅਤੇ ਬਰਸਾਤੀ ਚੋਅ ਪੂਰੇ ਭਰ ਕੇ ਚੱਲ ਰਹੇ ਹਨ। ਹਰ ਪਾਸੇ ਪਾਣੀ ਭਰਨ ਕਾਰਨ ਆਮ ਲੋਕਾਂ ਦਾ ਜਨ ਜੀਵਨ ਪੂਰੀ ਤਰ੍ਹਾਂ ਖੜ੍ਹ ਗਿਆ ਹੈ। ਡੇਰਾਬੱਸੀ ਦੀ ਗੁਲਮੋਹਰ ਐਕਸਟੈਂਸ਼ਨ ਸੋਸਾਇਟੀ ਦੀ ਪਹਿਲੀ ਮੰਜਿਲ ਤੱਕ ਮੀਂਹ ਦਾ ਪਾਣੀ ਪੁੱਜ ਗਿਆ ਹੈ। ਲੋਕਾਂ ਨੂੰ ਕਿਸ਼ਤੀਆਂ ਰਾਹੀਂ ਘਰਾਂ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਪਾਰਕਿੰਗ ਵਿਚ ਖੜ੍ਹੀਆਂ ਕਾਰਾਂ ਪਾਣੀ ਵਿਚ ਡੁੱਬ ਗਈਆਂ ਹਨ। ਪ੍ਰਸ਼ਾਸਨ ਨੂੰ ਕਿਸ਼ਤੀਆਂ ਦੀ ਮਦਦ ਨਾਲ ਲੋਕਾਂ ਨੂੰ ਬਾਹਰ ਕੱਢਣਾ ਪੈ ਰਿਹਾ ਹੈ। ਪ੍ਰਸ਼ਾਸਨ ਦੇ ਉਚ ਅਧਿਕਾਰੀ ਮੌਕੇ ਉਤੇ ਪਹੁੰਚੇ ਹਨ।

ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਸੂਬੇ ‘ਚ ਮੌਸਮ ਵਿਭਾਗ ਦੇ ਰੈੱਡ ਅਲਰਟ ਤੋਂ ਬਾਅਦ ਹੁਣ ਨੁਕਸਾਨ ਦੀ ਖਬਰ ਸਾਹਮਣੇ ਆ ਰਹੀ ਹੈ। ਪੰਡੋਹ ਵਿੱਚ ਬਿਆਸ ਦਰਿਆ ਦਾ ਪਾਣੀ ਘਰਾਂ ਅਤੇ ਬਾਜ਼ਾਰਾਂ ਵਿੱਚ ਦਾਖਲ ਹੋ ਗਿਆ ਹੈ। ਕਈ ਥਾਵਾਂ ‘ਤੇ ਢਿੱਗਾਂ ਡਿੱਗਣ ਕਾਰਨ ਮੰਡੀ ਤੋਂ ਮਨਾਲੀ ਤੱਕ ਚੰਡੀਗੜ੍ਹ ਮਨਾਲੀ ਹਾਈਵੇਅ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਸੋਲਨ ‘ਚ ਕਾਲਕਾ-ਸ਼ਿਮਲਾ ਟ੍ਰੈਕ ‘ਤੇ ਟਰੇਨਾਂ ਦੀ ਆਵਾਜਾਈ ਬੰਦ ਹੋ ਗਈ ਹੈ। ਹਿਮਾਚਲ ‘ਚ 24 ਘੰਟਿਆਂ ਦੀ ਬਾਰਿਸ਼ ਕਾਰਨ 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 3 ਨੈਸ਼ਨਲ ਹਾਈਵੇਅ ਬੰਦ ਹਨ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਕਾਰਨ 250 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ।

ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਦਿੱਲੀ ਫਾਇਰ ਸਰਵਿਸਿਜ਼ ਨੇ ਕਿਹਾ ਕਿ ਉਸਦੇ ਕੰਟਰੋਲ ਰੂਮ ਨੂੰ ਵੱਖ-ਵੱਖ ਲੋਕਾਂ ਤੋਂ 15 ਕਾਲਾਂ ਆਈਆਂ, ਜਿਸ ਵਿੱਚ ਰਾਜਧਾਨੀ ਵਿੱਚ ਕਈ ਇਮਾਰਤਾਂ ਦੇ ਢਹਿ ਜਾਣ ਦੀ ਸੂਚਨਾ ਦਿੱਤੀ ਗਈ ਹੈ।

ਮੌਸਮ ਵਿਭਾਗ ਨੇ ਪੰਜਾਬ ‘ਚ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਹਨੇਰੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕਈ ਥਾਵਾਂ ’ਤੇ ਦਰੱਖਤ ਵੀ ਟੁੱਟੇ ਪਰ ਕਿਸੇ ਕਿਸਮ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।