ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰੇ ਹੀ ਪੰਜਾਬ ਵਿੱਚ ਕਾਲੇ ਬੱਦਲ ਛਾਏ ਹੋਏ ਹਨ ਅਤੇ ਲੋਕਾਂ ਨੂੰ ਗਰਮੀ ਤੋਂ ਬੜੀ ਰਾਹਤ ਮਿਲੀ ਹੈ। ਚੰਡੀਗੜ੍ਹ, ਮੁਹਾਲੀ ਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ। ਇਸ ਦੌਰਾਨ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਹੈ।
ਮੌਸਮ ਵਿਭਾਗ ਨੇ ਮੁਕੇਰੀਆਂ, ਗੁਰਦਾਸਪੁਰ, ਹੁਸ਼ਿਆਰਪੁਰ, ਦਸੂਹਾ, ਪਠਾਨਕੋਟ ਅਤੇ ਧਾਰ ਕਲਾਂ ਵਿੱਚ ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਪੀਲਾ ਅਲਰਟ ਜਾਰੀ ਹੈ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਦੁਪਹਿਰ 12 ਵਜੇ ਤੱਕ ਮੀਂਹ ਪੈਣ ਦੀ ਚੇਤਾਵਨੀ ਹੈ।
ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਪਰ ਪੰਜਾਬ ਦਾ ਔਸਤ ਤਾਪਮਾਨ ਅਜੇ ਵੀ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਹੈ। ਮੰਗਲਵਾਰ ਨੂੰ ਫਰੀਦਕੋਟ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਰਿਹਾ।
ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਮੌਨਸੂਨ ਆਉਣ ਦੀ ਉਮੀਦ ਹੈ। ਇਸ ਮੌਸਮੀ ਤਬਦੀਲੀ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਅਤੇ ਖੇਤੀਬਾੜੀ ਲਈ ਵੀ ਫਾਇਦਾਮੰਦ ਹੋਵੇਗਾ। ਲੋਕਾਂ ਨੂੰ ਬਿਜਲੀ ਅਤੇ ਤੇਜ਼ ਹਵਾਵਾਂ ਤੋਂ ਸਾਵਧਾਨ ਰਹਿਣ ਦੀ ਹਦਾਇਤ ਕੀਤੀ ਗਈ ਹੈ।

