‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ 18 ਸਾਲ ਤੋਂ 44 ਸਾਲ ਦੀ ਉਮਰ ਦੇ ਲੋਕਾਂ ਦਾ ਕਰੋਨਾ ਟੀਕਾਕਰਣ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ ਪਹਿਲੇ ਗੇੜ ਦੇ ਟੀਕਾਕਰਣ ਵਿੱਚ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਨੂੰ ਇਸ ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 ਵੈਕਸੀਨ ਦੀਆਂ 1 ਲੱਖ ਖੁਰਾਕਾਂ ਮਿਲੀਆਂ ਹਨ।
ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਭਾਰਤੀ ਸੀਰਮ ਇੰਸਟੀਚਿਊਟ ਨੂੰ 30 ਲੱਖ ਤੋਂ ਵੱਧ ਖੁਰਾਕਾਂ ਦਾ ਆਰਡਰ ਦਿੱਤਾ ਹੈ ਅਤੇ ਇਨ੍ਹਾਂ ਵਿੱਚੋਂ 4.29 ਲੱਖ ਖੁਰਾਕਾਂ ਇਸ ਮਹੀਨੇ ਤੱਕ ਪੰਜਾਬ ਨੂੰ ਮਿਲ ਜਾਣਗੀਆਂ। ਸਿੱਧੂ ਨੇ ਕਿਹਾ ਕਿ 30 ਫੀਸਦ ਖੁਰਾਕਾਂ ਉਨ੍ਹਾਂ ਲੋਕਾਂ ਲਈ ਰੱਖੀਆਂ ਗਈਆਂ ਹਨ, ਜਿਨ੍ਹਾਂ ਦਾ ਆਮ ਲੋਕਾਂ ਨਾਲ ਵਧੇਰੇ ਰਾਬਤਾ ਰਹਿੰਦਾ ਹੈ। ਇਨ੍ਹਾਂ ਵਿੱਚ ਸਰਕਾਰੀ ਮੁਲਾਜ਼ਮ, ਉਸਾਰੀ ਕਾਮੇ, ਅਧਿਆਪਕ ਅਤੇ ਹੋਰ ਸਰਕਾਰੀ ਤੇ ਨਿੱਜੀ ਸਿੱਖਿਆ ਸੰਸਥਾਵਾਂ ਦਾ ਸਟਾਫ਼ ਸ਼ਾਮਲ ਹੈ।