‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਮ ਜਨਤਾ ‘ਤੇ ਇੱਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜੀ ਰਿਹਾ ਹੈ। ਅੱਜ ਮੁੜ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80-80 ਪੈਸੇ ਦਾ ਵਾਧਾ ਹੋਇਆ ਹੈ। ਪਿਛਲੇ ਦੋ ਹਫਤਿਆਂ ਵਿੱਚ ਹੁਣ ਤੱਕ ਤੇਲ ਦੀਆਂ ਕੀਮਤਾਂ ਵਿੱਚ 9.20 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਾ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 104.61 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਤੇ ਡੀਜ਼ਲ ਦੀ ਕੀਮਤ 95.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੋਣਾਂ ਤੋਂ ਬਾਅਦ ਇਹ 13ਵਾਂ ਵਾਧਾ ਹੈ।
ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਿੱਛੇ ਕੱਚੇ ਤੇਲ ਦੀਆਂ ਕੀਮਤਾਂ, ਰਿਫ਼ਾਇਨਰੀ ਦੀ ਕੀਮਤ, ਮਾਰਕਟਿੰਗ ਕੰਪਨੀਆਂ ਦਾ ਹਿੱਸਾ, ਐਕਸਾਈਜ਼ ਡਿਊਟੀ ਅਤੇ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਲਾਇਆ ਜਾਂਦਾ ਵੈਟ ਸ਼ਾਮਲ ਹੈ। ਯੂਕਰੇਨ ਉੱਤੇ ਰੂਸ ਦੇ ਹਮਲੇ ਕਾਰਨ ਵਿਸ਼ਵਵਿਆਪੀ ਤੇਲ ਅਤੇ ਕੁਦਰਤੀ ਗੈਸ ਦੀ ਸਪਲਾਈ ਵਿੱਚ ਵਿਘਨ ਪੈਣ ਦੇ ਡਰ ਤੋਂ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਇਸ ਕਰਕੇ ਕੌਮਾਂਤਰੀ ਪੱਧਰ ‘ਤੇ ਕੱਚਾ ਤੇਲ 13 ਸਾਲ ਦੇ ਸਭ ਤੋਂ ਉੱਚੇ ਪੱਧਰ ਉੱਤੇ ਪਹੁੰਚ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ ਚੜਾਅ ਆ ਰਿਹਾ ਹੈ।