‘ਦ ਖ਼ਾਲਸ ਬਿਊਰੋ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੰਟੇਨਮੈਂਟ ਜ਼ੋਨ, ਹੌਟਸਪੌਟ, ਰੈੱਡ ਜ਼ੋਨ ਸਮੇਤ ਕਰੋਨਾ ਪ੍ਰਭਾਵਿਤ ਖੇਤਰਾਂ ਵਿੱਚ ਸਖ਼ਤੀ ਵਧਾਉਣ ਅਤੇ ਸਮਾਜਿਕ ਦੂਰੀ ਕਾਇਮ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਲਾਕਡਾਊਨ ਤੋਂ ਬਾਅਦ ਦੇ ਪੜਾਅ ਸਬੰਧੀ ਯੋਜਨਾ ਤਿਆਰ ਕੀਤੀ ਜਾਵੇ।

ਸ਼ਹਿਰ ਵਿੱਚ ਹਸਪਤਾਲਾਂ ਦਾ ਸਟਾਫ਼ ਕੋਰੋਨਾ ਪਾਜ਼ੀਟਿਵ ਪਾਏ ਜਾਣ ’ਤੇ ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਸ਼ਹਿਰ ਦੀਆਂ ਤਿੰਨੋਂ ਮੈਡੀਕਲ ਸੰਸਥਾਵਾਂ ਦੇ ਮੁਖੀਆਂ ਨੂੰ ਹਸਪਤਾਲਾਂ ਵਿੱਚ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਹਨ ਤਾਂ ਜੋ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬਾਪੂ ਧਾਮ ਕਲੋਨੀ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰਨਾਂ ਨੂੰ ਹੋਮ ਕੁਆਰਨਟਾਈਨ ਕੀਤਾ ਜਾਵੇ।

ਪ੍ਰਮੁੱਖ ਸਕੱਤਰ (ਸਿਹਤ) ਅਰੁਣ ਕੁਮਾਰ ਗੁਪਤਾ ਨੇ ਕਿਹਾ ਕਿ ਹੋਰਨਾਂ ਸੂਬਿਆਂ ਵੱਲੋਂ ਚੰਡੀਗੜ੍ਹ ਦੇ ਤਿੰਨੋਂ ਹਸਪਤਾਲਾਂ ਵਿੱਚ ਰੈਫਰ ਕੀਤੇ ਜਾਂਦੇ ਮਰੀਜ਼ਾਂ ਸਬੰਧੀ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ ਤਾਂ ਜੋ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਵਿੱਤ ਸਕੱਤਰ ਏ.ਕੇ. ਸਿਨਹਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵੱਖ-ਵੱਖ ਵਿਭਾਗਾ ਦੇ ਖਰਚਿਆਂ ਨੂੰ 5 ਫੀਸਦ ਤਿਮਾਹੀ ’ਤੇ ਘਟਾਇਆ ਗਿਆ ਹੈ। ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ ਇਕ ਲੱਖ 55 ਹਜ਼ਾਰ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅਨਾਜ ਯੋਜਨਾ ਤਹਿਤ 40 ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸੈਕਟਰ-39 ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ 4950 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।

ਸਿਹਤ ਡਾਇਰੈਕਟਰ ਜੀ ਦੀਵਾਨ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਘਰ-ਘਰ ਜਾ ਕੇ ਸਕਰੀਨਿੰਗ ਕਰਨ ਦੀ ਮੁਹਿੰਮ ਤਹਿਤ 10 ਲੱਖ 54 ਹਜ਼ਾਰ ਲੋਕਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਯੂ.ਟੀ. ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਵਾਸੀਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਸਾਰੇ ਸ਼ਹਿਰ ਵਾਸੀਆਂ ਨੂੰ ਆਰੋਗਿਆ ਸੇਤੂ ਐਪ ਡਾਊਨਲੋਡ ਕਰਨ ਅਤੇ ਇਸ ’ਤੇ ਸਹੀ ਜਾਣਕਾਰੀ ਦੇਣ ਦੀ ਅਪੀਲ ਵੀ ਕੀਤੀ ਗਈ ਹੈ।

ਮੋਦੀ ਨੇ ਪੁਰਾਣੇ ਸਾਥੀਆਂ ਨਾਲ ਗੱਲਬਾਤ ਕੀਤੀ:
ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 90 ਦੇ ਦਹਾਕੇ ਦੌਰਾਨ ਸਾਥੀ ਪਰਿਵਾਰ ਨਾਲ ਚੰਡੀਗੜ੍ਹ ਵਿੱਚ ਗੁਜ਼ਾਰੇ ਸਮੇਂ ਨੂੰ ਯਾਦ ਕਰਦਿਆਂ ਪ੍ਰਸਾਦ ਪਰਿਵਾਰ ਦਾ ਹਾਲ-ਚਾਲ ਜਾਣਿਆ ਅਤੇ ਚੰਡੀਗੜ੍ਹ ਭਾਜਪਾ ਦੇ ਖ਼ਜ਼ਾਨਚੀ ਰਾਜ ਕਿਸ਼ੋਰ ਨਾਲ ਫੋਨ ’ਤੇ ਗੱਲ ਕਰ ਕੇ ਉਨ੍ਹਾਂ ਦੀ 75 ਸਾਲਾ ਮਾਤਾ ਚੁੰਨੀ ਦੇਵੀ ਦਾ ਹਾਲ ਪੁੱਛਿਆ। ਪ੍ਰਧਾਨ ਮੰਤਰੀ ਨੇ ਉਸ ਸਮੇਂ ਦੇ ਹੋਰਨਾਂ ਸਾਥੀਆਂ ਦਾ ਨਾਂ ਲੈਂਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1990 ਦੌਰਾਨ ਪੰਚਕੂਲਾ ਸਥਿਤ ਸੈਕਟਰ-7 ਵਿੱਚ ਰਾਸ਼ਟਰੀ ਸਵੈ-ਸੇਵਕ ਸੰਘ ਦੇ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸਨ।