India International Punjab

ਬੰਗਾਲ ਦੇ ਪੈਟਰੋਲ ਪੰਪਾਂ ਤੋਂ ਪੀਐੱਮ ਮੋਦੀ ਦੀਆਂ ਫੋਟੋਆਂ ਉਤਾਰਨ ਲਈ 72 ਘੰਟੇ ਦਾ ਦਿੱਤਾ ਸਮਾਂ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਪੱਛਮੀ ਬੰਗਾਲ ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਟੀਐੱਮਸੀ ਦੀ ਸ਼ਿਕਾਇਤ ‘ਤੇ ਚੋਣ ਚੋਣ ਕਮਿਸ਼ਨ ਨੇ ਵੱਡਾ ਹੁਕਮ ਜਾਰੀ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਨੂੰ ਪੈਟਰੋਲ ਪੰਪਾਂ ਤੋਂ ਹਟਾਉਣ ਲਈ 72 ਘੰਟੇ ਦਾ ਸਮਾਂ ਹੈ। ਤ੍ਰਿਣਮੂਲ ਕਾਂਗਰਸ ਦੀ ਸ਼ਿਕਾਇਤ ‘ਤੇ ਇਹ ਹੁਕਮ ਦਿੰਦਿਆਂ ਚੋਣ ਕਮਿਸ਼ਨ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ 26 ਫਰਵਰੀ ਨੂੰ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਬਾਅਦ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ।


ਟੀਐਮਸੀ ਦਾ ਤਰਕ ਹੈ ਕਿ ਪੰਪਾਂ ਤੇ ਇਹ ਤਸਵੀਰਾਂ ਲਗਾਉਣਾ ਸਰਕਾਰੀ ਤੰਤਰ ਦੀ ਦੁਰਵਰਤੋਂ ਹੈ। ਉੱਧਰ ਇਸ ਤੇ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਦਿਲੀਪ ਘੋਸ਼ ਨੇ ਕਿਹਾ ਕਿ ਟੀਕਾਕਰਨ ਮੁਹਿੰਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ ਸ਼ੁਰੂ ਹੋ ਗਈ ਸੀ। ਭਾਜਪਾ ਨੇ ਇਸਨੂੰ ਬੇਲੋੜਾ ਵਿਵਾਦ ਦੱਸਿਆ ਹੈ।

ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੇ ਨਾਲ-ਨਾਲ ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿਚ ਅਪ੍ਰੈਲ ਤੋਂ ਮਈ ‘ਚ ਚੋਣਾਂ ਹੋਣ ਜਾ ਰਹੀਆਂ ਹਨ। ਨਿਊਜ਼ ਏਜੰਸੀ ਪੀਟੀਆਈ ਨੇ ਇੱਕ ਸੀਨੀਅਰ ਚੋਣ ਅਧਿਕਾਰੀ ਦੇ ਹਵਾਲੇ ਨਾਲ ਕਿਹਾ ਹੈ ਕਿ ਪੈਟਰੋਲ ਪੰਪ ‘ਤੇ ਪ੍ਰਧਾਨ ਮੰਤਰੀ ਦੀ ਫੋਟੋ ਦੀ ਵਰਤੋਂ ਕਰਦਿਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦਾ ਪ੍ਰਚਾਰ ਕਰਨਾ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਦੇ ਇੱਕ ਵਫ਼ਦ ਨੇ ਕਮਿਸ਼ਨ ਦੇ ਆਦੇਸ਼ ਤੋਂ ਪਹਿਲਾਂ ਬੁੱਧਵਾਰ ਨੂੰ ਕੋਲਕਾਤਾ ਵਿੱਚ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਵੰਡੇ ਗਏ ਕੋਵਿਡ ਟੀਕਾਕਰਨ ਸਰਟੀਫਿਕੇਟ ਅਤੇ ਵੱਖ-ਵੱਖ ਕੇਂਦਰੀ ਯੋਜਨਾਵਾਂ ਦੇ ਇਸ਼ਤਿਹਾਰਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦੀ ਵਰਤੋਂ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਹੈ।