ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ । ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ।
ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਮੁੜ ਵਿਕਾਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਵੀ ਮੌਜੂਦ ਸਨ। ਇਹ 508 ਰੇਲਵੇ ਸਟੇਸ਼ਨ 27 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ। 450 ਤੋਂ ਵੱਧ ਰੇਲਵੇ ਸਟੇਸ਼ਨ ਸੂਬਿਆਂ ਅਤੇ ਲਗਭਗ 20 ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਫੈਲੇ ਹੋਏ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਦੇ ਦੱਖਣੀ ਅਫਰੀਕਾ, ਯੂਕਰੇਨ, ਸਵੀਡਨ, ਬ੍ਰਿਟੇਨ ਵਰਗੇ ਦੇਸ਼ਾਂ ‘ਚ ਇਕੱਲੇ 9 ਸਾਲਾਂ ‘ਚ ਰੇਲ ਟਰੈਕ ਬਣਾਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਟੇਸ਼ਨਾਂ ਦੇ ਪਲੇਟਫਾਰਮ ‘ਤੇ ਬੈਠਣ ਲਈ ਵਧੀਆ ਵੇਟਿੰਗ ਰੂਮ ਬਣਾਏ ਜਾ ਰਹੇ ਹਨ ਅਤੇ ਹਜ਼ਾਰਾਂ ਸਟੇਸ਼ਨਾਂ ‘ਤੇ ਮੁਫਤ ਇੰਟਰਨੈੱਟ ਦੀ ਸੁਵਿਧਾ ਉਪਲਬਧ ਹੋਵੇਗੀ।
ਮੋਦੀ ਨੇ ਅੱਗੇ ਕਿਹਾ ਕਿ ਵਿਕਾਸ ਦੇ ਟੀਚੇ ਵੱਲ ਵੱਧ ਰਿਹਾ ਭਾਰਤ ਆਪਣੇ ਅੰਮ੍ਰਿਤ ਕਾਲ ਦੀ ਸ਼ੁਰੂਆਤ ਵਿੱਚ ਹੈ। ਇੱਕ ਨਵਾਂ ਅਧਿਆਇ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ 1300 ਰੇਲਵੇ ਸਟੇਸ਼ਨਾਂ ਵਿੱਚੋਂ 508 ਅੰਮ੍ਰਿਤ ਭਾਰਤ ਸਟੇਸ਼ਨਾਂ ਦਾ ਮੁੜ ਵਿਕਾਸ ਕੀਤਾ ਜਾਵੇਗਾ। ਇਸ ‘ਤੇ 25,000 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ‘ਤੇ ਵੀ ਹਮਲਾ ਬੋਲਦਿਆਂ ਹੋਇਆਂ ਕਿਹਾ ਕਿ ਵਿਰੋਧੀ ਧਿਰ ਪੁਰਾਣੇ ਪੈਟਰਨ ‘ਤੇ ਕਾਇਮ ਹੈ। ਅਸੀਂ ਖੁਦ ਕੁਝ ਨਹੀਂ ਕਰਾਂਗੇ ਅਤੇ ਨਾ ਹੀ ਉਨ੍ਹਾਂ ਨੂੰ ਕੁਝ ਕਰਨ ਦੇਵਾਂਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਸੰਸਦ ਦੀ ਨਵੀਂ ਇਮਾਰਤ ਦਾ ਵਿਰੋਧ ਕੀਤਾ, 70 ਸਾਲਾਂ ਵਿੱਚ ਸ਼ਹੀਦਾਂ ਲਈ ਯੁੱਧ ਸਮਾਰਕ ਵੀ ਨਹੀਂ ਬਣਾਇਆ, ਸਟੈਚੂ ਆਫ ਯੂਨਿਟੀ ਵੀ ਨਹੀਂ ਗਏ।
ਉਨ੍ਹਾਂ ਕਿਹਾ ਕਿ ਅੱਜ ਤੱਕ ਉਹ ਸਰਦਾਰ ਸਾਹਿਬ ਦੀ ਮੂਰਤੀ ਅੱਗੇ ਨਹੀਂ ਝੁਕੇ। ਅਸੀਂ ਪਾਰਟੀ ਤੋਂ ਉੱਪਰ ਉੱਠ ਕੇ ਵਿਕਾਸ ਲਈ ਕੰਮ ਕਰ ਰਹੇ ਹਾਂ ਅਤੇ ਡੇਢ ਲੱਖ ਤੋਂ ਵੱਧ ਨੌਜਵਾਨਾਂ ਨੂੰ ਰੇਲਵੇ ਵਿੱਚ ਨੌਕਰੀਆਂ ਮਿਲੀਆਂ ਹਨ।