The Khalas Tv Blog India PM ਮੋਦੀ ਦਾ ਅੱਧੀ ਰਾਤ ਨੂੰ ਵਿਦਿਆਰਥੀਆਂ ਦੇ ਨਾਮ ਸੰਦੇਸ਼
India

PM ਮੋਦੀ ਦਾ ਅੱਧੀ ਰਾਤ ਨੂੰ ਵਿਦਿਆਰਥੀਆਂ ਦੇ ਨਾਮ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਤ 12 ਵਜੇ ਵਿਦਿਆਰਥੀਆਂ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਪੇਪਰ ਲੀਕ ਵਰਗੀਆਂ ਘਟਨਾਵਾਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਕੋਈ ਢਿੱਲ ਨਹੀਂ ਵਰਤੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਕੈਬਨਿਟ ਇਸ ਖਰੜੇ ਉਤੇ ਚਰਚਾ ਕਰੇਗੀ ਅਤੇ ਫੈਸਲੇ ਲਏ ਜਾਣਗੇ। ਮਨਜ਼ੂਰੀ ਤੋਂ ਬਾਅਦ ਅਗਲੇ ਹਫ਼ਤੇ ਇਸ ਬਿਲ ਨੂੰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਨੂੰ ਜਲਦੀ ਪਾਸ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਆਪਣੇ ਐਕਸ ਹੈਂਡਲ ਤੋਂ 2.56 ਮਿੰਟ ਦਾ ਵੀਡੀਓ ਸਾਂਝਾ ਕੀਤਾ।

ਪੀਐੱਮ ਮੋਦੀ ਨੇ ਕਿਹਾ ਕਿ ਪੇਪਰ ਲੀਕ ਕੋਈ ਛੋਟੀ ਘਟਨਾ ਨਹੀਂ ਹੈ। ਇਸ ਨਾਲ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਮੁਸੀਬਤ ਝੱਲਣੀ ਪਈ। ਇਸ ਲਈ ਪਿਛਲੇ ਸਾਢੇ ਦੋ ਮਹੀਨਿਆਂ ਵਿਚ ਬਹੁਤ ਸਾਰੇ ਕਦਮ ਚੁੱਕੇ ਗਏ ਹਨ। ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹ ਜੇਲ੍ਹ ਵਿਚ ਹਨ। ਵਿਦਿਆਰਥੀਆਂ ਦਾ ਅਕਾਦਮਿਕ ਸਾਲ ਖਰਾਬ ਨਾ ਹੋਵੇ, ਇਸ ਲਈ ਬਹੁਤ ਘੱਟ ਸਮੇਂ ਵਿਚ 22 ਲੱਖ ਵਿਦਿਆਰਥੀਆਂ ਲਈ ਦੁਬਾਰਾ ਪ੍ਰੀਖਿਆ ਆਯੋਜਿਤ ਕੀਤੀ ਗਈ ਅਤੇ 19 ਜੁਲਾਈ ਨੂੰ ਨਤੀਜੇ ਐਲਾਨ ਦਿੱਤੇ ਗਏ।

ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਇਸ ਤੱਕ ਸੀਮਤ ਨਹੀਂ ਰਹਿਣ ਵਾਲੀ। ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਵਿਭਾਗਾਂ ਵੱਲੋਂ ਖਰੜਾ ਭੇਜਿਆ ਗਿਆ ਹੈ ਜਿਸ ਵਿਚ ਫਾਸਟ-ਟਰੈਕ ਅਦਾਲਤਾਂ ਅਤੇ ਸਖ਼ਤ ਸਜ਼ਾਵਾਂ ਦੀਆਂ ਧਾਰਾਵਾਂ ਸ਼ਾਮਲ ਹਨ। ਕੈਬਨਿਟ ਅੱਜ ਇਸ ਉਤੇ ਚਰਚਾ ਕਰੇਗੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਫਾਸਟ-ਟਰੈਕ ਅਦਾਲਤਾਂ ਬਣਾਉਣ ਦੀ ਗੱਲ ਕੀਤੀ ਸੀ।

ਇਹ ਪੂਰਾ ਮਾਮਲਾ 3 ਮਈ ਨੂੰ ਹੋਏ NEET-UG ਪੇਪਰ ਲੀਕ ਨਾਲ ਜੁੜਿਆ ਹੋਇਆ ਹੈ। ‘ਕਾਕਰੋਚ ਜਨਤਾ ਪਾਰਟੀ’ ਵੱਲੋਂ ਜੰਤਰ-ਮੰਤਰ ਤੇ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੋਨਮ ਵਾਂਗਚੁਕ ਨੇ 26 ਦਿਨਾਂ ਤੱਕ ਭੁੱਖ ਹੜਤਾਲ ਕੀਤੀ ਅਤੇ ਸੰਸਦ ਵਿਚ ਵੀ ਵਿਰੋਧੀ ਧਿਰ ਵੱਲੋਂ ਹੰਗਾਮਾ ਚੱਲ ਰਿਹਾ ਹੈ।

ਫਿਲਹਾਲ ਸੀਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਹਾਰਾਸ਼ਟਰ, ਰਾਜਸਥਾਨ ਅਤੇ ਦਿੱਲੀ ਸਮੇਤ ਵੱਖ-ਵੱਖ ਰਾਜਾਂ ਵਿਚ ਛਾਪੇ ਮਾਰੇ ਗਏ। ਹੁਣ ਤੱਕ 13 ਮੁਲਜ਼ਮ ਗ੍ਰਿਫ਼ਤਾਰ ਹੋ ਚੁੱਕੇ ਹਨ ਅਤੇ ਸੀਬੀਆਈ ਜਲਦ ਚਾਰਜਸ਼ੀਟ ਦਾਖਲ ਕਰਨ ਵਾਲੀ ਹੈ।

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਭਵਿੱਖ ਨੂੰ ਲੈ ਕੇ ਕੋਈ ਚਿੰਤਾ ਨਾ ਕਰਨ। ਸਰਕਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਇਸ ਨਵੀਂ ਕਾਨੂੰਨੀ ਵਿਵਸਥਾ ਨਾਲ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇਗਾ ਅਤੇ ਵਿਦਿਆਰਥੀਆਂ ਨੂੰ ਨਿਆਂ ਮਿਲੇਗਾ।

 

 

Exit mobile version