India

PM ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸੰਸਦ ਦੇ ਆਗੂ ਵਜੋਂ ਚੁੱਕੀ ਸਹੁੰ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਸਦਨ ਵਿੱਚ ਰਾਸ਼ਟਰੀ ਗੀਤ ਵਜਾਇਆ ਗਿਆ, ਉਪਰੰਤ ਪਿਛਲੇ ਸਦਨ ਦੇ ਮ੍ਰਿਤਕ ਮੈਂਬਰਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਪੀਐਮ ਮੋਦੀ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ। ਮੋਦੀ ਤੋਂ ਬਾਅਦ ਹੋਰ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਸੰਸਦ ਦੇ ਆਗੂ ਵਜੋਂ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਦੌਰਾਨ ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ, ਜਦਕਿ ਵਿਰੋਧੀ ਧਿਰ ਨੇ ਸੰਵਿਧਾਨ ਦੀਆਂ ਕਾਪੀਆਂ ਲਹਿਰਾਈਆਂ। ਇਸਦੇ ਨਾਲ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਨੇ ਵੀ ਸਹੁੰ ਚੁੱਕੀ ਹੈ।

ਭਾਜਪਾ ਆਗੂ ਰਾਧਾ ਮੋਹਨ ਸਿੰਘ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਇਸਦੇ ਨਾਲ ਹੀ ਭਾਜਪਾ ਆਗੂ ਫੱਗਣਸਿੰਘ ਕੁਲਸਤੇ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਸਪਾ ਮੁਖੀ ਅਖਿਲੇਸ਼ ਯਾਦਵ ਅਤੇ ਉਨ੍ਹਾਂ ਦੀ ਪਤਨੀ ਡਿੰਪਲ ਯਾਦਵ ਸਮੇਤ ਸਪਾ ਦੇ ਸਾਰੇ ਸੰਸਦ ਮੈਂਬਰ ਆਪਣੇ ਹੱਥਾਂ ‘ਚ ਸੰਵਿਧਾਨ ਦੀ ਕਾਪੀ ਲੈ ਕੇ ਸੰਸਦ ਪਹੁੰਚੇ।

ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੰਸਦ ਪਹੁੰਚੇ ਪੀਐਮ ਮੋਦੀ ਨੇ ਕਿਹਾ- ਦੇਸ਼ ਨੂੰ ਚਲਾਉਣ ਲਈ ਸਾਰਿਆਂ ਦੀ ਸਹਿਮਤੀ ਜ਼ਰੂਰੀ ਹੈ। ਅਸੀਂ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੇ ਹਾਂ। ਅਸੀਂ ਸੰਵਿਧਾਨ ਦੀਆਂ ਸੀਮਾਵਾਂ ਦਾ ਪਾਲਣ ਕਰਕੇ ਦੇਸ਼ ਨੂੰ ਅੱਗੇ ਲਿਜਾਣਾ ਚਾਹੁੰਦੇ ਹਾਂ। ਦੇਸ਼ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੀ ਲੋੜ ਹੈ।

ਨਵੇਂ ਸੰਸਦ ਮੈਂਬਰ ਅੱਜ ਅਤੇ ਭਲਕੇ ਸੰਸਦ ਵਿੱਚ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਸੋਮਵਾਰ ਸਵੇਰੇ 10 ਵਜੇ ਭਾਜਪਾ ਦੇ ਸੰਸਦ ਮੈਂਬਰ ਭਰਤੂਹਰੀ ਮਹਿਤਾਬ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋਟੇਮ ਸਪੀਕਰ ਦੀ ਸਹੁੰ ਚੁਕਾਈ। ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਰਾਸ਼ਟਰਪਤੀ ਭਵਨ ਵਿੱਚ ਮੌਜੂਦ ਸਨ।

ਦੂਜੇ ਪਾਸੇ ਕਾਂਗਰਸ ਸਮੇਤ ਸਾਰੀਆਂ ਵਿਰੋਧੀ ਪਾਰਟੀਆਂ ਨੇ ਪ੍ਰੋਟੈਮ ਸਪੀਕਰ ਦਾ ਵਿਰੋਧ ਕੀਤਾ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਸਰਕਾਰ ਨੇ ਨਿਯਮਾਂ ਦੀ ਅਣਦੇਖੀ ਕਰਕੇ ਭਰਤੂਹਰੀ ਮਹਿਤਾਬ ਨੂੰ ਪ੍ਰੋਟੇਮ ਸਪੀਕਰ ਨਿਯੁਕਤ ਕੀਤਾ ਹੈ। ਉਹ 7 ਵਾਰ ਸੰਸਦ ਮੈਂਬਰ ਰਹੇ ਹਨ, ਜਦਕਿ ਕਾਂਗਰਸ ਦੇ ਕੇ. ਸੁਰੇਸ਼ 8 ਵਾਰ ਸਾਂਸਦ ਰਹੇ ਹਨ। ਨਿਯਮਾਂ ਮੁਤਾਬਕ ਕਾਂਗਰਸ ਦੇ ਸੰਸਦ ਮੈਂਬਰ ਨੂੰ ਪ੍ਰੋਟੈਮ ਸਪੀਕਰ ਬਣਾਇਆ ਜਾਣਾ ਚਾਹੀਦਾ ਸੀ।