’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਵਿੱਚ ਕਿਸਾਨ ਅੰਦੋਲਨ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ 25 ਦਸੰਬਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਜੈਯੰਤੀ ਮੌਕੇ ਦੇਸ਼ ਭਰ ਦੇ 9 ਕਰੋੜ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਨਵੇਂ ਖੇਤੀ ਕਾਨੂੰਨਾਂ ਬਾਰੇ ਵੀ ਚਰਚਾ ਕਰਨਗੇ। ਇਸੇ ਦੌਰਾਨ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ ਦੇਸ਼ ਭਰ ਦੇ 9 ਕਰੋੜ ਤੋਂ ਵੱਧ ਕਿਸਾਨਾਂ ਨੂੰ 18,000 ਕਰੋੜ ਰੁਪਏ ਦੀ ਅਗਲੀ ਕਿਸ਼ਤ ਵੀ ਟਰਾਂਸਫਰ ਕੀਤੀ ਜਾਵੇਗੀ।
ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਬੋਧਨ ਵੀ ਵਰਚੁਅਲ ਹੋਵੇਗਾ। ਉਹ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਬਾਰੇ ਸਰਕਾਰ ਦੀ ਸਥਿਤੀ ਸਪਸ਼ਟ ਕਰਨਗੇ। ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਛੇ ਸੂਬਿਆਂ ਦੇ ਕੁਝ ਚੁਨਿੰਦਾ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਹ ਸਾਰੇ ਕਿਸਾਨ ਭਾਰਤ ਸਰਕਾਰ ਦੁਆਰਾ ਲਏ ਗਏ ਫੈਸਲਿਆਂ ਤੇ ਪ੍ਰਧਾਨ ਮੰਤਰੀ ਨਾਲ ਆਪਣੇ ਤਜ਼ਰਬੇ ਸਾਂਝੇ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ਜਾਰੀ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ।
ਦਰਅਸਲ ਇਹ ਪੀਐਮ ਦਾ ਇਹ ਸੰਬੋਧਨ ਕੇਂਦਰ ਸਰਕਾਰ ਦੀ ਉਸ ਸੰਪਰਕ ਮੁਹਿੰਮ ਦਾ ਹਿੱਸਾ ਹੈ, ਜਿਸ ਵਿੱਚ ਕਿਸਾਨਾਂ ਦੇ ਅੰਦੋਲਨ ਦੀ ਕਾਟ ਵਜੋਂ ਦੇਸ਼ ਭਰ ਵਿੱਚ 100 ਪ੍ਰੈਸ ਕਾਨਫਰੰਸਾਂ ਅਤੇ 700 ਮੀਟਿੰਗਾਂ ਕਰਨ ਦਾ ਫੈਸਲਾ ਲਿਆ ਗਿਆ ਹੈ। ਬੀਜੇਪੀ ਵੀ ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਇਲਾਵਾ ਘਰ-ਘਰ ਜਾ ਕੇ ਸੰਪਰਕ ਅਭਿਆਨ ਚਲਾਏਗੀ, ਜਿਸ ਦੇ ਤਹਿਤ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਖੇਤੀਬਾੜੀ ਕਾਨੂੰਨਾਂ ਬਾਰੇ ਲਿਖਿਆ ਖੁੱਲ੍ਹਾ ਪੱਤਰ ਘਰ-ਘਰ ਤਕ ਪਹੁੰਚਾਇਆ ਜਾਵੇਗਾ।