Punjab

ਸੁਖਬੀਰ ਸਿੰਘ ਬਾਦਲ ਨੇ CM ਕੈਪਟਨ ਨੂੰ ਬਰਖ਼ਾਸਤ ਕਰਨ ਦੀ ਕਿਉਂ ਕੀਤੀ ਮੰਗ ?

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ ਮੌਜੂਦਾ ਜੱਜ ਜਾਂ CBI ਕੋਲੋਂ ਜਾਂਚ ਕਰਵਾਉਣ ਦੇ ਹੁਕਮ ਦੇਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਵਫਦ ਨੇ ਐਨਫੋਰਸਮੈਂਟ ਡਾਇਰੈਕਟੋਰੇਟ ( ED) ਕਾਂਗਰਸੀ ਆਗੂਆਂ ਵੱਲੋਂ ਗੈਰ ਕਾਨੂੰਨੀ ਸ਼ਰਾਬ ਦੇ ਧੰਦੇ ਵਿੱਚ ਕਮਾਏ ਗਏ ਪੈਸੇ ਵਸੂਲਣ ਦੀ ਮੰਗ ਵੀ ਕੀਤੀ ਹੈ। ਇਸ ਵਫਦ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ਕੀਤੀ।

ਉਨ੍ਹਾਂ ਨੇ ਗੈਰਕਾਨੂੰਨੀ ਸ਼ਰਾਬ ਦੇ ਵਪਾਰ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਜਾਣ ਅਤੇ ਡਿਸਟਿਲਰੀਆਂ ਤੋਂ ਸਪਰਿਟ ਤੇ ਈਐੱਨਏ ਦੀ ਸਪਲਾਈ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੇ ਜਿਨ੍ਹਾਂ ਦੋਸ਼ੀਆਂ ਦੇ ਨਾਂ ਲਏ ਹਨ, ਖਾਸ ਤੌਰ ’ਤੇ ਖਡੂਰ ਸਾਹਿਬ ਹਲਕੇ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਖਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਜ਼ਹਿਰੀਲੀ ਸ਼ਰਾਬ ਦੇ 118 ਪੀੜਤ ਪਰਿਵਾਰ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ ਹੈ।

ਵਫਦ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ ਅਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਲ ਸਨ।