ਤਿੰਨ ਸਾਲ ਪਹਿਲਾਂ ਸਾਲ 2022 ‘ਚ ਪੁਲਿਸ ਹਿਰਾਸਤ ‘ਚੋਂ ਲਾਰੈਂਸ ਦੀ ਟੀਵੀ ਇੰਟਰਵਿਊ ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਕੁਝ ਸਮਾਂ ਪਹਿਲਾਂ ਪੋਲੀਗ੍ਰਾਫ਼ ਟੈਸਟ ਕਰਵਾਉਣ ਲਈ ਰਾਜ਼ੀ ਹੋਏ 6 ਪੁਲਿਸ ਮੁਲਾਜ਼ਮ ਹੁਣ ਪਿੱਛੇ ਹਟ ਗਏ ਹਨ। ਪੁਲਿਸ ਮੁਲਾਜ਼ਮਾਂ ਨੇ ਮੁਹਾਲੀ ਜ਼ਿਲ੍ਹਾ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਆਪਣੀ ਸਹਿਮਤੀ ਵਾਪਸ ਲੈ ਲਈ ਹੈ।
ਉਹਨਾਂ ਨੇ ਇਲਜ਼ਾਮ ਲਾਏ ਨੇ ਕਿ ਉਹਨਾਂ ‘ਤੇ ਪੋਲੀਗ੍ਰਾਫ਼ ਟੈਸਟ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਅਦਾਲਤ ਨੇ ਪੋਲੀਗ੍ਰਾਫ਼ ਟੈਸਟ ‘ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਦੀ ਅੱਜ ਮੁੜ ਅਦਾਲਤ ਵਿੱਚ ਸੁਣਵਾਈ ਹੋਵੇਗੀ।
ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਇਲਾਵਾ ਉਹ ਕੇਸ ਨਾਲ ਸਬੰਧਤ ਰਿਕਾਰਡ ਵੀ ਅਦਾਲਤ ਵਿੱਚ ਪੇਸ਼ ਕਰਨਗੇ। ਜਾਣਕਾਰੀ ਅਨੁਸਾਰ 6 ਪੁਲਿਸ ਮੁਲਾਜ਼ਮਾਂ ਮੁਖਤਿਆਰ ਸਿੰਘ, ਕਾਂਸਟੇਬਲ ਸਿਮਰਨਜੀਤ ਸਿੰਘ, ਕਾਂਸਟੇਬਲ ਹਰਪ੍ਰੀਤ ਸਿੰਘ, ਕਾਂਸਟੇਬਲ ਬਲਵਿੰਦਰ ਸਿੰਘ, ਕਾਂਸਟੇਬਲ ਸਤਨਾਮ ਸਿੰਘ ਅਤੇ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੇ ਪੋਲੀਗ੍ਰਾਫ਼ ਟੈਸਟ ਕਰਵਾਉਣ ਲਈ ਹਾਮੀ ਭਰੀ ਸੀ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਗਏ ਸਨ ਪਰ ਹੁਣ ਉਹ ਮੁੱਕਰ ਗਏ ਹਨ।