Punjab

ਪੁਲਿਸ ਨੇ ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਲ ਜੁੜੇ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Police raids locations of people associated with Lawrence Bishnoi and Goldie Brar in Punjab

‘ਦ ਖ਼ਾਲਸ ਬਿਊਰੋ : ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸੀ ਮੁਹਿੰਮ (ਸੀ.ਏ.ਐਸ.ਓ.) ਚਲਾਈ।

ਸੂਬੇ ਭਰ ਦੇ ਸਾਰੇ ਜਿਲਿਆਂ ਵਿੱਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਗਈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਿਸ ਮੁਲਾਜਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨਾਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਇਨਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

ਉਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਿਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ।  ਉਕਤ ਦੋਸ਼ੀਆਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ