‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਖਿਲਾਫ਼ ਪੁਲਿਸ ਕੇਸ ਦਰਜ ਕਰ ਲਿਆ ਗਿਆ ਹੈ। ਥਾਣਾ ਸਦਰ ਪੁਲਿਸ ਪਟਿਆਲਾ ਮੁਤਾਬਕ ਉਨ੍ਹਾਂ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਹੈ। ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਹਲਕਾ ਸਨੌਰ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ ਪੰਜ ਫਰਵਰੀ ਨੂੰ ਵੱਡੀ ਗਿਣਤੀ ਮੋਟਰਸਾਈਕਲਾਂ ਅਤੇ ਕਾਰਾਂ ਤੇ ਸਿਆਸੀ ਪਾਰਟੀਆਂ ਝੰਡੀਆਂ ਲਗਾ ਕੇ ਭੁਨਰਹੇਡ਼ੀ ਇਲਾਕੇ ਵਿਚ ਰੈਲੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ। ਇਸ ਸੰਬੰਧੀ ਉਮੀਦਵਾਰ ਤੋਂ ਲਿਖਤੀ ਜਵਾਬ ਮੰਗਿਆ ਗਿਆ ਪਰ ਤਸੱਲੀਬਖਸ਼ ਜਵਾਬ ਨਾ ਹੋਣ ਕਰਕੇ ਪੁਲਿਸ ਕੋਲ ਸ਼ਿਕਾਇਤ ਕੀਤੀ ਗਈ ਹੈ। ਰਿਟਰਨਿੰਗ ਅਫ਼ਸਰ ਦੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਸਦਰ ਪੁਲਸ ਨੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਮੁੱਖ ਚੋਣ ਅਫ਼ਸਰ ਵੱਲੋਂ ਕਈ ਹੋਰ ਉਮੀਦਵਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਬਾਵਜੂਦ ਇਸਦੇ ਧੜਾਧੜ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਆ ਰਹੀਆਂ ਹਨ। ਸਿਆਸੀ ਪਾਰਟੀਆਂ ਦੀਆਂ ਰੈਲੀਆਂ ਵਿੱਚ ਨਿਰਧਾਰਤ ਗਿਣਤੀ ਨਾਲੋਂ ਵੱਧ ਇਕੱਠ ਹੋਣ ਲੱਗਾ ਹੈ।
Comments are closed.