Punjab

SGPC ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ‘ਚ ਮਨਾਇਆ ਜਾਵੇਗਾ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ

‘ਦ ਖ਼ਾਲਸ ਬਿਊਰੋ ( ਅੰਮ੍ਰਿਤਸਰ ) :- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ SGPC ਵੱਲੋਂ ਚੌਥੇ ਪਾਤਸ਼ਾਹ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ‘ਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਤੇ ਅਧਿਕਾਰੀਆਂ ਦੀ ਇਕੱਤਰਤਾ ‘ਚ ਮੀਟਿੰਗ ਹੋਈ ਹੈ।
ਜਿਸ ‘ਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਪਰਮਜੀਤ ਸਿੰਘ ਖਾਲਸਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਮੁਖਤਾਰ ਸਿੰਘ, ਸ. ਰਾਜਿੰਦਰ ਸਿੰਘ ਰੂਬੀ, ਸ. ਹਰਪ੍ਰੀਤ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ ਆਦਿ ਸ਼ਾਮਲ ਸਨ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਹਿਰ ਦੀਆਂ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਗੁਰਪੁਰਬ ਸਬੰਧੀ ਇਕੱਤਰਤਾ ਕੀਤੀ ਗਈ ਸੀ। ਜਿਸ ‘ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਗੁਰਪੁਰਬ ਸਮਾਗਮਾਂ ਸਬੰਧੀ ਆਪਣੇ ਸੁਝਾਅ ਦਿੱਤੇ। ਅੱਜ ਦੀ ਇਕੱਤਰਤਾ ‘ਚ ਆਏ ਸੁਝਾਵਾਂ ਨੂੰ ਵਿਚਾਰਦਿਆਂ ਗੁਰਪੁਰਬ ਸਮਾਗਮਾਂ ਦੀ ਰੂਪ-ਰੇਖਾ ਜਾਰੀ ਕੀਤੀ ਗਈ। ਇਸ ਅਨੁਸਾਰ ਪ੍ਰਕਾਸ਼ ਪੁਰਬ ਸਬੰਧੀ 31 ਅਕਤੂਬਰ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਜੋ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਪਲਾਜ਼ਾ ਘੰਟਾ ਘਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਇਸ ਤੋਂ ਇਲਾਵਾ 1 ਨਵੰਬਰ ਨੂੰ ਰਾਤ 7 ਵਜੇ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਅਤੇ ਪੜਤਾਲ ਗਾਇਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਇਸ ‘ਚ ਪੰਥ ਪ੍ਰਸਿੱਧ ਰਾਗੀ ਜਥੇ ਹਾਜ਼ਰੀ ਭਰਨਗੇ। 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸੱਜਣਗੇ ਤੇ ਸਾਰਾ ਦਿਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।
2 ਨਵੰਬਰ ਰਾਤ ਨੂੰ ਵਿਸ਼ੇਸ਼ ਕਵੀ ਸਮਾਗਮ ਹੋਵੇਗਾ, ਜਦਕਿ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਵੀ ਚਲਾਈ ਜਾਵੇਗੀ। ਪ੍ਰਕਾਸ਼ ਗੁਰਪੁਰਬ ਤੋਂ ਪਹਿਲਾਂ 22 ਅਕਤੂਬਰ ਤੋਂ ਲੈ ਕੇ 31 ਅਕਤੂਬਰ ਤੱਕ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸ਼ਾਮ ਸਮੇਂ ਦੀਵਾਨ ਸਜਾਏ ਜਾਣਗੇ।