‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸ ਵਿੱਚ ਖੜ੍ਹੀ ਹੋਈ ਬਗਾਵਤ ਲਈ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੋ ਕੁੱਝ ਵੀ ਹੋ ਰਿਹਾ ਹੈ, ਉਸ ਲਈ ਸਿੱਧੂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਨਹੀਂ ਬਦਲੇ ਜਾਣਗੇ। ਕਾਂਗਰਸ ਹਾਈ ਕਮਾਂਡ ਨੇ ਫੈਸਲਾ ਕਰਨਾ ਹੈ ਕਿ ਮੁੱਖ ਮੰਤਰੀ ਨੂੰ ਕਿਸ ਨੂੰ ਬਰਕਰਾਰ ਰੱਖਣਾ ਹੈ ਜਾਂ ਹਟਾਉਣਾ ਹੈ। ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਕਾਂਗਰਸ ਵਿੱਚ ਸਭ ਕੁੱਝ ਠੀਕ ਚੱਲ ਰਿਹਾ ਸੀ, ਆਖਰ ਪਿਛਲੇ ਦੋ ਮਹੀਨਿਆਂ ਵਿੱਚ ਅਜਿਹਾ ਕੀ ਹੋਇਆ ਕਿ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ। ਪ੍ਰਨੀਤ ਕੌਰ ਨੇ ਇੱਥੋਂ ਤੱਕ ਕਹਿ ਦਿੱਤਾ ਕਿ ਸਿੱਧੂ ਆਪਣੇ ਸਲਾਹਕਾਰਾਂ ਨੂੰ ਕਾਬੂ ਕਰਨ ਦੇ ਵੀ ਯੋਗ ਨਹੀਂ ਹਨ।