The Khalas Tv Blog Punjab ਆਪਸ ’ਚ ਭਿੜੇ ਪ੍ਰਤਾਪ ਬਾਜਵਾ ਤੇ CM ਮਾਨ
Punjab Religion

ਆਪਸ ’ਚ ਭਿੜੇ ਪ੍ਰਤਾਪ ਬਾਜਵਾ ਤੇ CM ਮਾਨ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਸ ਵਿਚ ਤਿੱਖੀ ਬਹਿਸ ਵਿਚ ਭਿੜ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਸਦਨ ਵਿਚ ਪੇਸ਼ ਕੀਤਾ।

ਬਾਜਵਾ ਨੇ ਬਿੱਲ ਦਾ ਸਮਰਥਨ ਕਰਦਿਆਂ ਕਿਹਾ, “ਅਸੀਂ ਇਸ ਬਿੱਲ ਦਾ ਪੂਰਾ ਸਮਰਥਨ ਕਰਦੇ ਹਾਂ।” ਉਨ੍ਹਾਂ ਮੰਗ ਕੀਤੀ ਕਿ ਪਿਛਲੀਆਂ ਚੋਣ ਕਮੇਟੀਆਂ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਨਿੱਝਰ ਸਾਹਿਬ ਵੱਲੋਂ ਤੁਰੰਤ ਸਦਨ ਵਿਚ ਪੇਸ਼ ਕੀਤੀ ਜਾਵੇ। ਉਨ੍ਹਾਂ ਯਾਦ ਕਰਵਾਇਆ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਕੁੰਵਰ ਪ੍ਰਤਾਪ ਸਿੰਘ ਦੀ ਰਿਪੋਰਟ ਦੇ ਆਧਾਰ ਤੇ 48 ਘੰਟਿਆਂ ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਣ ਦਾ ਵਾਅਦਾ ਕੀਤਾ ਸੀ, ਪਰ ਉਸ ਤੋਂ ਕੁਝ ਨਹੀਂ ਹੋਇਆ।

ਬਾਜਵਾ ਨੇ ਇਲਜ਼ਾਮ ਲਾਇਆ ਕਿ ਮੌਜੂਦਾ ਸਰਕਾਰ ਨੇ ਸਬੂਤਾਂ ਨਾਲ ਛੇੜਛਾੜ ਕੀਤੀ, ਜਿਸ ਕਾਰਨ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ। ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਿਤ ਪੰਜ ਮਾਮਲੇ ਸੂਬੇ ਤੋਂ ਬਾਹਰ ਭੇਜ ਦਿੱਤੇ ਗਏ ਸਨ ਅਤੇ ਸਰਕਾਰ ਨੇ ਇਸ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਉਹ ਵੱਡਾ ਦਿਲ ਰੱਖ ਕੇ ਉਨ੍ਹਾਂ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਜਿਨ੍ਹਾਂ ਨੇ ਬੇਅਦਬੀ ਮਾਮਲਿਆਂ ਵਿਚ ਗਲਤੀਆਂ ਕੀਤੀਆਂ।

ਮੁੱਖ ਮੰਤਰੀ ਭਗਵੰਤ ਮਾਨ ਨੇ ਤਿੱਖਾ ਜਵਾਬ ਦਿੰਦਿਆਂ ਕਿਹਾ, “ਤੁਹਾਡਾ ਖਜ਼ਾਨਾ ਮੰਤਰੀ ਅਤੇ ਮੁੱਖ ਮੰਤਰੀ ਤੁਹਾਡੀ ਪਾਰਟੀ ਤੋਂ ਬਾਹਰ ਹਨ। ਇਹ ਸਾਡਾ ਫੈਸਲਾ ਹੈ ਕਿ ਕਿਸ ਨੂੰ ਮੰਤਰੀ ਬਣਾਉਣਾ ਹੈ। ਅਸੀਂ ਚਾਰ ਸਾਲਾਂ ਬਾਅਦ ਤੁਹਾਡੇ ਤੋਂ ਲੀਡਰਸ਼ਿਪ ਖੋਹ ਲਈ ਹੈ। ਤੁਹਾਨੂੰ ਕਿਸੇ ਨਾ ਕਿਸੇ ਸਮੇਂ ਸ਼ਰਮ ਆਉਣੀ ਚਾਹੀਦੀ ਹੈ।” ਉਨ੍ਹਾਂ ਇਹ ਵੀ ਕਿਹਾ ਕਿ ਇਹ ਬਿੱਲ ਬਣਾਉਣ ਲਈ ਇਹ ਪੰਜਵੀਂ ਕੋਸ਼ਿਸ਼ ਹੈ।

ਇਸ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ ਲਈ ਗਈ ਹੈ ਤਾਂ ਜੋ ਪਹਿਲਾਂ ਵਾਲੀਆਂ ਗਲਤੀਆਂ ਤੋਂ ਬਚਿਆ ਜਾ ਸਕੇ।

ਬਾਜਵਾ ਨੇ ਜਵਾਬ ਵਿਚ ਕਿਹਾ ਕਿ ਲੋਕ ਮੁੱਖ ਮੰਤਰੀ ਤੋਂ ਜਵਾਬ ਮੰਗਦੇ ਹਨ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਰੁੱਧ ਕਿੰਨੇ ਕੇਸ ਦਰਜ ਹੋਏ ਅਤੇ ਉਨ੍ਹਾਂ ਵਿਰੁੱਧ ਕੀ ਕਾਰਵਾਈ ਹੋਈ। ਉਨ੍ਹਾਂ ਇਹ ਵੀ ਕਿਹਾ ਕਿ ਤੁਸੀਂ 25 ਸਾਲ ਰਾਜ ਨਹੀਂ ਕਰੋਗੇ। ਸਪੀਕਰ ਨੇ ਦੋਵਾਂ ਧਿਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮੇਟੀ ਆਪਣੀ ਰਿਪੋਰਟ ਸਦਨ ਵਿਚ ਪੇਸ਼ ਕਰੇਗੀ ਅਤੇ ਨਕੋਦਰ ਘਟਨਾ ਦੀ ਵੀ ਜਾਂਚ ਕਰੇਗੀ। ਇਸ ਤੋਂ ਇਲਾਵਾ ਬਾਜਵਾ ਨੇ ਇਹ ਵੀ ਯਾਦ ਕਰਵਾਇਆ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇੱਕ ਪੋਸਟਰ ਬੁਆਏ ਸੀ ਅਤੇ ਉਹ ਹੁਣ ਪਾਰਟੀ ਤੋਂ ਬਾਹਰ ਹੈ।

 

Exit mobile version