ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ਵਿੱਚ ਗ੍ਰਨੇਡਾਂ ਦੀ ਆਮਦ ਸਬੰਧੀ ਦਿੱਤੇ ਗਏ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਰਾਜ ਸਰਕਾਰ ਨੇ ਅਦਾਲਤ ਵਿੱਚ ਰਿਪੋਰਟ ਪੇਸ਼ ਕੀਤੀ। ਜਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜਾਂਚ ਜਾਰੀ ਰਹੇਗੀ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 7 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਫਿਲਹਾਲ ਬਾਜਵਾ ਨੂੰ ਅਦਾਲਤ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਅਦਾਲਤ ਨੇ ਗ੍ਰਿਫ਼ਤਾਰੀ ‘ਤੇ ਰੋਕ ਜਾਰੀ ਰੱਖੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਲੋੜ ਅਨੁਸਾਰ ਨੋਟਿਸ ਤੋਂ ਬਾਅਦ ਕਾਰਵਾਈ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਹਾਈ ਕੋਰਟ ਨੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਯਾਨੀ ਅੱਜ ਤੱਕ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਅਤੇ ਕੋਈ ਵੀ ਬਿਆਨ ਨਾ ਦੇਣ ਦੀ ਸਲਾਹ ਦਿੱਤੀ। ਪ੍ਰਤਾਪ ਸਿੰਘ ਬਾਜਵਾ ਨੇ ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿਖੇ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਬਾਜਵਾ ਨੇ ਕਿਹਾ ਸੀ ਕਿ ਇਹ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ। ਜਿਸ ਕਾਰਨ ਉਸਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।
ਬਾਜਵਾ ਨੇ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ, “ਪੰਜਾਬ ਵਿੱਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ, ਜਦੋਂ ਕਿ 32 ਬਾਕੀ ਹਨ।” 13 ਅਪ੍ਰੈਲ ਨੂੰ ਉਸ ਵਿਰੁੱਧ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਐਫਆਈਆਰ ਦਰਜ ਹੋਣ ਤੋਂ ਬਾਅਦ, ਲਗਭਗ 6 ਘੰਟੇ ਪੁੱਛਗਿੱਛ ਵੀ ਕੀਤੀ ਗਈ ਸੀ।