‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਉੱਚ ਪੱਧਰੀ ਬੈਠਕ ਕੀਤੀ ਤੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਦਾ ਵੀ ਗਠਨ ਕੀਤਾ ਗਿਆ ਹੈ। ਪ੍ਰਯਾਗਰਾਜ ਦੇ ਪੁਲਿਸ ਕਮਿਸ਼ਨਰ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਕਿਹਾ, “ਅਤੀਕ ਅਹਿਮਦ ਅਤੇ ਉਸ ਦੇ ਭਰਾ ਅਸ਼ਰਫ ਨੂੰ ਕਾਨੂੰਨੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮੈਡੀਕਲ ਲਈ ਲਿਜਾਇਆ ਜਾ ਰਿਹਾ ਸੀ। ਇਸੇ ਦੌਰਾਨ ਇਹ ਘਟਨਾ ਵਾਪਰੀ ਹੈ।”
ਪ੍ਰਯਾਗਰਾਜ ਅਤੇ ਕਾਨਪੁਰ ਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪ੍ਰਯਾਗਰਾਜ ਦਾ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਦੋਵਾਂ ਕਤਲਾਂ ਵਿੱਚ ਲਾਪਰਵਾਹੀ ਦੇ ਦੋਸ਼ ਹੇਠ ਯੂਪੀ ਪੁਲੀਸ ਦੇ 17 ਪੁਲੀਸ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ। ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਆਦਿੱਤਿਆਨਾਥ ਨੇ ਉੱਚ ਪੱਧਰੀ ਮੀਟਿੰਗ ਕੀਤੀ ਹੈ। ਮੀਟਿੰਗ ਵਿੱਚ ਉਨ੍ਹਾਂ ਡੀਜੀਪੀ ਨੂੰ ਘਟਨਾ ਸਥਾਨ ਦਾ ਦੌਰਾ ਕਰਕੇ ਵਿਸਤ੍ਰਿਤ ਰਿਪੋਰਟ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪ੍ਰਮੁੱਖ ਸਕੱਤਰ ਗ੍ਰਹਿ/ਡੀਜੀਪੀ ਨੇ ਪੂਰੇ ਸੂਬੇ ਵਿੱਚ ਹਾਈ ਅਲਰਟ ਕਰ ਦਿੱਤਾ ਹੈ। ਸੂਬੇ ਵਿੱਚ ਸਟੇਸ਼ਨ ਵਾਈਜ਼ ਗਸ਼ਤ ਦੇ ਹੁਕਮ ਦਿੱਤੇ ਗਏ ਹਨ। ਪੂਰੇ ਉੱਤਰ ਪ੍ਰਦੇਸ਼ ਦੇ ਹਰੇਕ ਥਾਣਾ ਇੰਚਾਰਜ ਨੂੰ ਆਪਣੇ ਥਾਣਿਆਂ ਦੇ ਖੇਤਰਾਂ ਵਿੱਚ ਪ੍ਰਭਾਵਸ਼ਾਲੀ ਗਸ਼ਤ ਅਤੇ ਸੁਰੱਖਿਆ ਪ੍ਰਬੰਧ ਬਣਾਏ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।