ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ ਪੰਜਾਬ ਦੀਆਂ ਵੱਖ-ਵੱਖ 18 ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਅੰਦੋਲਨ ਦੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਅੱਜ ਕਿਸਾਨ ਪੰਜਾਬ ਦੇ ਬਾਰਡਰਾਂ ‘ਤੇ ਪਹੁੰਚਣਗੇ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਤੇ 18 ਕਿਸਾਨ ਜਥੇਬੰਦੀਆਂ ਦੇ ਕਿਸਾਨ ਆਗੂਆਂ ਵੱਲੋਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਅੰਦੋਲਨ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ ।
ਜਾਣਕਾਰੀ ਮੁਤਾਬਕ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਰਾਜਸਥਾਨ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧਾਂ ਨੇ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਕਿਸਾਨ ਮੋਰਚੇ ਦੀ ਸਫਲਤਾ ਲਈ ਅਰਦਾਸ ਕੀਤੀ ਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਪੰਡੋਰੀ, ਰਾਜਸਥਾਨ ਤੋਂ ਗ੍ਰਾਮੀਣ ਕਿਸਾਨ ਸਮਿਤੀ ਦੇ ਰਣਜੀਤ ਸਿੰਘ, ਹਰਿਆਣਾ ਤੋਂ ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਆਗੂ ਤੇਜਬੀਰ ਸਿੰਘ, ਫਾਰਮਰ ਪ੍ਰੋਗਰੈੱਸ ਫਰੰਟ ਤੋਂ ਅਮਨੀਕ ਸਿੰਘ ਮਾਂਗਟ ਤੇ ਹੋਰ ਕਾਰਕੁਨਾਂ ਨੇ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਬਾਅਦ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਨਮੁੱਖ ਅਰਦਾਸ ਕੀਤੀ।
ਕਿਸਾਨਾਂ ਦਾ ਕਾਫਲਾ ਅੱਜ ਗੁਰਦੁਆਰਾ ਫਤਹਿਗੜ੍ਹ ਸਾਹਿਬ ਪੁੱਜੇਗਾ, ਜਿੱਥੋਂ 13 ਫਰਵਰੀ ਨੂੰ ਅਗਲੇ ਪੜਾਅ ਲਈ ਰਵਾਨਾ ਹੋਣ ਦੀ ਤਿਆਰੀ ਕੀਤੀ ਜਾਵੇਗੀ। ਇਸ ਦੌਰਾਨ 13 ਫਰਵਰੀ ਨੂੰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਸੱਦੀ ਗਈ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ ਤੇ ਮੀਟਿੰਗ ਵਿੱਚ ਸਰਕਾਰ ਦੇ ਕਿਸਾਨਾਂ ਪ੍ਰਤੀ ਰੁਖ਼ ਤੋਂ ਬਾਅਦ ਅਗਲੇਰਾ ਫੈਸਲਾ ਲਿਆ ਜਾਵੇਗਾ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਨੇ ਕਿਹਾ ਕਿ ਉਹਨਾਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਕੀਤਾ ਜਾਣਾ ਹੈ ਅਤੇ ਅੱਜ ਉਹ ਆਪਣੇ ਪਿੰਡਾਂ ਤੋਂ ਕਾਫਲੇ ਲੈ ਕੇ ਪੰਜਾਬ ਦੇ ਬਾਰਡਰਾਂ ‘ਤੇ ਪਹੁੰਚਣਗੇ। ਉਹਨਾਂ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਾਡੇ ਕਿਸਾਨ ਆਗੂਆਂ ਨਾਲ ਮੀਟਿੰਗ ਵੀ ਕੀਤੀ ਜਾਣੀ ਹੈ ਅਗਰ ਉਸ ਮੀਟਿੰਗ ਦਾ ਕੋਈ ਸਿੱਟਾ ਨਿਕਲ ਕੇ ਸਾਹਮਣੇ ਨਹੀਂ ਆਇਆ ਤਾਂ ਫਿਰ ਕਿਸਾਨ ਕੱਲ ਨੂੰ ਦਿੱਲੀ ਨੂੰ ਕੂਚ ਕਰਨਗੇ।
ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਨੇ ਪੂਰੀ ਤਿਆਰੀ ਨਾਲ ਬਿਆਸ ਤੋਂ ਮਾਰਚ ਕੀਤਾ। ਕਿਸਾਨ ਆਪਣੇ ਨਾਲ ਅਨਾਜ, ਪਾਣੀ, ਬਿਸਤਰੇ ਅਤੇ ਹੋਰ ਸਮਾਨ ਲੈ ਕੇ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋ ਗਏ ਹਨ। ਜੇਕਰ ਅੱਜ ਦੀ ਮੀਟਿੰਗ ‘ਚ ਕੁਝ ਨਾ ਮਿਲਿਆ ਤਾਂ ਅਸੀਂ ਸਾਰਾ ਸਮਾਨ ਲੈ ਕੇ ਦਿੱਲੀ ਵੱਲ ਰਵਾਨਾ ਹੋਵਾਂਗੇ।
ਬਿਆਸ ‘ਤੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਸਮੇਤ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਈ ਕਿਸਾਨ ਰਸਤੇ ਵਿੱਚ ਉਕਤ ਸੰਘਰਸ਼ ਦਾ ਹਿੱਸਾ ਬਣ ਰਹੇ ਹਨ।
ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਅਸੀਂ ਇਹ ਸੰਘਰਸ਼ ਬਿਆਸ ਤੋਂ ਸ਼ੁਰੂ ਕਰਕੇ ਅੱਜ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਜਾਮ ਲਗਾਵਾਂਗੇ। ਸਾਡੀਆਂ ਮੰਗਾਂ ਇੱਕੋ ਹਨ- ਐਮਐਸਪੀ ਗਾਰੰਟੀ ਕਾਨੂੰਨ, ਗੰਨੇ ਨੂੰ ਸੀ200 ਨਾਲ ਜੋੜਿਆ ਜਾਵੇ।
ਪੰਧੇਰ ਨੇ ਕਿਹਾ- ਭਾਰਤ ਦੇ ਹਰ ਰਾਜ ਤੋਂ ਕਿਸਾਨ ਦਿੱਲੀ ਪਹੁੰਚ ਰਹੇ ਹਨ। 60 ਸਾਲ ਦੇ ਵਿਅਕਤੀ ਨੂੰ 10,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣੇ ਚਾਹੀਦੇ ਹਨ। ਇਹ ਮੰਦਭਾਗਾ ਹੈ ਕਿ ਭਾਰਤੀ ਕਿਸਾਨ ਨੂੰ ਦੇਸ਼ ਵਿਰੋਧੀ ਕਿਹਾ ਜਾਂਦਾ ਹੈ। ਅਸੀਂ ਦੇਸ਼ ਵਿਰੋਧੀ ਨਹੀਂ ਹਾਂ, ਅਸੀਂ ਇਸ ਦੇਸ਼ ਦੇ ਨਾਗਰਿਕ ਹਾਂ। ਸਾਡੀਆਂ 75 ਸਾਲਾਂ ਤੋਂ ਮੰਗਾਂ ਸਨ ਜੋ ਸੁਣੀਆਂ ਨਹੀਂ ਗਈਆਂ। ਅਸੀਂ ਸ਼ਾਂਤੀ ਨਾਲ ਅੱਗੇ ਵਧਾਂਗੇ ਅਤੇ ਸਾਡਾ ਮਕਸਦ ਹੈ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਸੁਣੇ।
ਪੰਧੇਰ ਨੇ ਕਿਹਾ ਕਿ ਭਾਰਤ ਦੇ ਹਰ ਸੂਬੇ ਤੋਂ ਕਿਸਾਨ ਸੰਘਰਸ਼ ਕਰਨ ਲਈ ਦਿੱਲੀ ਪਹੁੰਚ ਰਹੇ ਹਨ। ਸਭ ਤੋਂ ਵੱਧ ਕਿਸਾਨ ਪੰਜਾਬ, ਹਰਿਆਣਾ, ਬਿਹਾਰ, ਤਾਮਿਲਨਾਡੂ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਤੋਂ ਆ ਰਹੇ ਹਨ। ਕਿਸਾਨ ਭਲਕੇ ਹਰ ਤਰ੍ਹਾਂ ਨਾਲ ਦਿੱਲੀ ਵੱਲ ਮਾਰਚ ਕਰਨਗੇ।