The Khalas Tv Blog Punjab ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਅਰਦਾਸ ਸਮਾਗਮ, ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ
Punjab Religion

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਯਾਦ ’ਚ ਅਰਦਾਸ ਸਮਾਗਮ, ਜਥੇਦਾਰ ਕਾਉਂਕੇ ਨੂੰ ਦਿੱਤਾ ਜਾਵੇ ਕੌਮੀ ਸ਼ਹੀਦ ਦਾ ਸਨਮਾਨ- ਐਡਵੋਕੇਟ ਧਾਮੀ

Prayer event in memory of Jathedar Gurdev Singh Kaunke, Jathedar Kaunke should be honored as a national martyr - Advocate Dhami

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਅਰਦਾਸ ਸਮਾਗਮ ਦੌਰਾਨ ਭਾਈ ਕਾਉਂਕੇ ਦੀ ਪਤਨੀ ਬੀਬੀ ਗੁਰਮੇਲ ਕੌਰ ਅਤੇ ਪਰਿਵਾਰਕ ਮੈਂਬਰਾਂ ਬੀਬੀ ਪਵਨਜੀਤ ਕੌਰ, ਸ. ਅਜੀਤ ਸਿੰਘ ਤੇ ਸਾਬਕਾ ਸਰਪੰਚ ਸ. ਮਨਜਿੰਦਰ ਸਿੰਘ ਨੂੰ ਸਿਰੋਪਾ ਪਾ ਕੇ ਸਨਮਾਨ ਦਿੱਤਾ ਗਿਆ।

ਇਸ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਕਰੀਬ 31 ਸਾਲ ਪਹਿਲਾਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ਤਤਕਾਲੀ ਸਰਕਾਰ ਦੇ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ। ਇਸ ਦੌਰ ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਨੌਜੁਆਨਾਂ ਨੂੰ ਮਿੱਥ ਕੇ ਕਤਲ ਕਰਨਾ ਲੋਕਤੰਤਰ ਦੇ ਨਾਂ ’ਤੇ ਕਾਲਾ ਧੱਬਾ ਹੈ, ਜਿਸ ਨੂੰ ਕਦੇ ਧੋਤਾ ਨਹੀਂ ਜਾ ਸਕਦਾ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਜਥੇਦਾਰ ਕਾਉਂਕੇ ਦੇ ਕਤਲ ਮਾਮਲੇ ’ਚ ਕਾਰਵਾਈ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਸਿੱਖਾਂ ਦੇ ਕਾਤਲਾਂ ਨੂੰ ਮਿਸਾਲੀ ਸਜ਼ਾਵਾਂ ਜ਼ਰੂਰ ਮਿਲਣੀਆਂ ਚਾਹੀਦੀਆਂ ਹਨ। ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਕਾਉਂਕੇ ਸਬੰਧੀ ਕਰਵਾਏ ਅਰਦਾਸ ਸਮਾਗਮ ਬਾਰੇ ਕਿਹਾ ਕਿ ਆਪਣੇ ਸ਼ਹੀਦਾਂ ਅਤੇ ਯੋਧਿਆਂ ਨੂੰ ਯਾਦ ਕਰਨਾ ਚੰਗੀ ਗੱਲ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਕੌਮੀ ਸ਼ਹੀਦ ਦਾ ਸਨਮਾਨ ਦੇਣ ਵਾਸਤੇ ਵਿਚਾਰ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਕਾਉਂਕੇ ਪੰਥਪ੍ਰਸਤ ਅਤੇ ਸਿੱਖੀ ਨੂੰ ਸਮਰਪਤ ਗੁਰਸਿੱਖ ਸਨ, ਜਿਨ੍ਹਾਂ ਦੀ ਕੁਰਬਾਨੀ ਨੂੰ ਕੌਮ ਹਮੇਸ਼ਾ ਸਤਿਕਾਰ ਦਿੰਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਕਾਉਂਕੇ ਦੀ ਤਰ੍ਹਾਂ ਉਸ ਵੇਲੇ 25 ਹਜ਼ਾਰ ਤੋਂ ਵੱਧ ਸਿੱਖ ਨੌਜੁਆਨਾਂ ਨੂੰ ਪੁਲਿਸ ਵੱਲੋਂ ਸ਼ਹੀਦ ਕੀਤਾ ਗਿਆ, ਜਿਸ ਬਾਰੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੇ ਸਿੱਖ ਕਾਰਕੁਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਖ਼ੁਲਾਸਾ ਕਰਕੇ ਸਰਕਾਰ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਨੰਗਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਿੱਖ ਨੌਜੁਆਨਾਂ ਦੇ ਹਰ ਕਾਤਲ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਹਤ ਮਿਲ ਸਕੇ।

Exit mobile version