ਪੰਜਾਬ ਵਿੱਚ ਨਸ਼ਿਆਂ ਦੇ ਵਧਦੇ ਪ੍ਰਕੋਪ ਅਤੇ ਇਸ ਨਾਲ ਪੈਦਾ ਹੋ ਰਹੇ ਗੰਭੀਰ ਹਾਲਾਤਾਂ ਉੱਤੇ ਚਿੰਤਾ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ, ਧਰਮ ਪ੍ਰਚਾਰ ਕਮੇਟੀ ਦੇ ਨੁਮਾਇੰਦਿਆਂ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਸੂਬੇ ਵਿੱਚ ਅਮਨ-ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ।
ਇਸ ਵਿਸ਼ੇਸ਼ ਅਰਦਾਸ ਦੌਰਾਨ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਸ਼ਹੀਦ ਪਰਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮਜ਼ਬੂਤ ਮੰਗ ਉਠਾਈ ਗਈ। ਬੁਲਾਰਿਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰਦਿਆਂ ਆਪਣੀਆਂ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲਣਾ ਬੇਹੱਦ ਜ਼ਰੂਰੀ ਹੈ ਅਤੇ ਪੀੜਤ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
ਇਸੇ ਦੌਰਾਨ ਮਾਨਸਾ ਮੋਰਚੇ ’ਚ ਵੀ ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਜਿਸ ਵਿੱਚ ਸੰਗਤ ਨੇ ਭਾਰੀ ਗਿਣਤੀ ਵਿੱਚ ਹਾਜ਼ਰੀ ਲਗਾਈ।

